Moosewala Murder Case: ਅਮਿਤ ਸ਼ਾਹ ਨੂੰ ਮਿਲੇਗਾ ਸਿੱਧੂ ਮੂਸੇਵਾਲਾ ਦਾ ਪਰਿਵਾਰ, CBI ਜਾਂਚ ਦੀ ਕਰ ਸਕਦਾ ਹੈ ਮੰਗ
ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿੱਚ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਏਜੰਸੀਆਂ ਤੋਂ ਮਾਮਲੇ ਦੀ ਜਲਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਿਛਲੇ ਦਿਨਾਂ ਤੋਂ ਕਈ ਆਗੂ ਉਨ੍ਹਾਂ ਦੇ ਘਰ ਸ਼ਰਧਾਂਜਲੀ ਦੇਣ ਲਈ ਆ ਰਹੇ ਹਨ।
ਇਸ ਵਿਚਾਲੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਹਨ ਜਿਸ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਚੰਡੀਗੜ੍ਹ 'ਚ ਉਹਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਜਿੱਥੇ ਉਹਨਾਂ ਵੱਲੋਂ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜਦੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ ਸਨ ਤਾਂ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਪਰਿਵਾਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ਰਾਜ ਸਭਾ ਦੇ ਉਮੀਦਵਾਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸੌਂਪੇ ਸਰਟੀਫਿਕੇਟ
ਇਸ ਤੋਂ ਇਲਾਵਾ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਗਜੇਂਦਰ ਸ਼ੇਖਾਵਤ ਨੇ ਮਾਪਿਆਂ ਨੂੰ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਸੱਦਾ ਭੇਜਿਆ ਗਿਆ ਹੈ। ਹਾਲਾਂਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਵੱਲੋਂ ਇਸ ਮੁਲਾਕਾਤ ਨੂੰ ਲੈ ਕੇ ਅਜੇ ਜਵਾਬ ਨਹੀਂ ਆਇਆ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਮੂਸੇਵਾਲਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ 'ਪੰਜਾਬੀਅਤ' ਅਤੇ 'ਇਨਸਾਨੀਅਤ' ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਗਾਇਕ ਦੇ ਕਤਲ ਵਿੱਚ ਬੇਸ਼ਰਮੀ ਨਾਲ ਰਾਜਨੀਤੀ ਕਰ ਰਹੀਆਂ ਹਨ।
-PTC News