ਵੱਖ-ਵੱਖ ਕੇਸਾਂ ਦੇ ਨਿਪਟਾਰੇ ਲਈ ਅੱਜ ਲੱਗੇਗੀ ਕੌਮੀ ਲੋਕ ਅਦਾਲਤ, 30 ਬੈਂਚ ਹੋਣਗੇ ਸਥਾਪਤ
ਜਲੰਧਰ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਅੱਜ ਸ਼ਨੀਵਾਰ ਨੂੰ ਜ਼ਿਲ੍ਹਾ ਕਚਹਿਰੀਆਂ ਜਲੰਧਰ ਸਮੇਤ ਨਕੋਦਰ ਤੇ ਫਿਲੌਰ ਦੀਆਂ ਕਚਹਿਰੀਆਂ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ 30 ਬੈਂਚ ਸਥਾਪਤ ਕਰਕੇ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਨੇ ਦੱਸਿਆ ਕਿ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾ ਕਚਹਿਰੀਆਂ ਜਲੰਧਰ ਵਿਖੇ 25 ਅਤੇ ਨਕੋਦਰ ਤੇ ਫਿਲੌਰ ਵਿਖੇ ਕ੍ਰਮਵਾਰ 3 ਤੇ 2 ਬੈਂਚ ਸਥਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ, ਟ੍ਰੈਫਿਕ ਚਲਾਨ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਹ ਵੀ ਪੜ੍ਹੋ:PAU ਦੇ ਵਿਦਿਆਰਥੀਆਂ ਵੱਲੋਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ਼ ਧਰਨਾ
ਉਨ੍ਹਾਂ ਅੱਗੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਫੈਸਲਾ ਕਰਵਾਉਣ ਲਈ ਜਿਥੇ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ, ਬੈਂਕ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਉਥੇ ਸਕੂਲਾਂ ਅਤੇ ਪਿੰਡਾਂ ਵਿੱਚ ਸੈਮੀਨਾਰਾਂ ਰਾਹੀਂ ਜਾਗਰੂਕ ਵੀ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਕੇਸਾਂ ਦਾ ਫੈਸਲਾ ਇਸ ਲੋਕ ਅਦਾਲਤ ਰਾਹੀਂ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਮਹਿਲਾ ਥਾਣਿਆਂ ਵਿੱਚ ਲੰਬਿਤ ਲਗਭਗ 100 ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਵਿਸ਼ੇਸ਼ ਬੈਂਚ ਗਠਿਤ ਕਰ ਕੇ ਮੀਡੀਏਸ਼ਨ ਰਾਹੀਂ ਕੇਸਾਂ ਦਾ ਫੈਸਲਾ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ। ਇਸ ਦੇ ਨਾਲ ਨਾਲ ਮਾਲ ਮਹਿਕਮੇ ਨਾਲ ਸੰਬੰਧਤ ਇੰਤਕਾਲ/ਫਰਦਾਂ ਸੰਬੰਧੀ ਕੇਸਾਂ ਦੇ ਨਿਪਟਾਰੇ ਵੀ ਕਰਵਾਏ ਜਾਣਗੇ।
(ਪਤਰਸ ਮਸੀਹ ਦੀ ਰਿਪੋਰਟ)