ਮਹਾਰਾਜਾ ਰਣਜੀਤ ਸਿੰਘ ਦੇ ਮਿਊਜ਼ੀਅਮ ਨੂੰ ਅਣਗੌਲਿਆ ਕਰਨਾ ਮੰਦਭਾਗਾ : ਅਨਮੋਲ ਗਗਨ ਮਾਨ
ਅੰਮ੍ਰਿਤਸਰ : ਪੰਜਾਬ ਸਰਕਾਰ ਵਿੱਚ ਨਵ ਨਿਯੁਕਤ ਸੈਰ ਸਪਾਟਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੰਮ੍ਰਿਤਸਰ ਦੇ ਦੌਰੇ ਮੌਕੇ ਅੱਜ ਇਤਿਹਾਸਕ ਤੇ ਟੂਰਿਜ਼ਮ ਨਾਲ ਜੁੜੇ ਸਥਾਨਾਂ ਦਾ ਜਾਇਜ਼ਾ ਲਿਆ ਗਿਆ ਤੇ ਅੰਮ੍ਰਿਤਸਰ ਵਿੱਚ ਬਣੇ ਮਹਾਰਾਜਾ ਰਣਜੀਤ ਸਿੰਘ ਦੇ ਮਿਊਜ਼ੀਅਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਆਪਣੇ ਆਪ ਵਿਚ ਇਕ ਵੱਡਾ ਇਤਿਹਾਸ ਸਮੋਈ ਬੈਠੇ ਮਹਾਰਾਜਾ ਰਣਜੀਤ ਸਿੰਘ ਵਰਗੇ ਮਹਾਨ ਸ਼ਾਸਕ ਦੇ ਮਿਊਜ਼ੀਅਮ ਨੂੰ ਪ੍ਰਮੋਟ ਨਹੀਂ ਕੀਤਾ ਗਿਆ ਤੇ ਨਾ ਹੀ ਲੋਕ ਇਸਨੂੰ ਵੇਖਣ ਲਈ ਪਹੁੰਚ ਰਹੇ ਹਨ ਜੋ ਕਿ ਸਾਡੇ ਵਿਰਸੇ ਤੇ ਸਭਿਆਚਾਰ ਲਈ ਮੰਦਭਾਗੀ ਗੱਲ ਹੈ। ਪਿਛਲੀਆਂ ਸਰਕਾਰਾਂ ਵੱਲੋਂ ਟੂਰਿਜ਼ਮ ਮਹਿਕਮੇ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਗਈ, ਜਿਸਦੇ ਚੱਲਦੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਆਉਣ ਵਾਲੇ ਸੈਲਾਨੀ ਇਸਦੇ ਇਤਿਹਾਸ ਤੋਂ ਪੂਰੀ ਤਰ੍ਹਾਂ ਅਣਗੌਲੇ ਹਨ ਤੇ ਪ੍ਰਸ਼ਾਸਨ ਨੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਪੰਜਾਬ ਦੇ ਅਮੀਰ ਵਿਰਸੇ ਨੂੰ ਅਣਗੌਲਿਆ ਕਰਨ ਉਤੇ ਉਨ੍ਹਾਂ ਨੇ ਪਿਛਲੀਆਂ ਸਰਕਾਰ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਸਰਕਾਰ ਵਿੱਚ ਅਜਿਹੀਆਂ ਇਤਿਹਾਸਕ ਥਾਵਾਂ ਦਾ ਨਵੀਨੀਕਰਨ ਤੇ ਪ੍ਰਚਾਰ ਮੁਕੰਮਲ ਰੂਪ ਨਾਲ ਕੀਤਾ ਜਾਵੇਗਾ ਤਾਂ ਜੋ ਲੋਕ ਅਜਿਹੇ ਇਤਿਹਾਸਕ ਸਥਾਨਾਂ ਅਤੇ ਜਾਣਕਾਰੀ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਵਾਲੀਆਂ ਥਾਵਾਂ ਨੂੰ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਸਬੰਧਤ ਥਾਵਾਂ ਨੂੰ ਸੰਭਾਲ ਕੇ ਰੱਖਿਆ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ 'ਚ ਕੀਤਾ ਪੇਸ਼, ਚਾਰ ਦਿਨ ਦਾ ਪੁਲਿਸ ਨੂੰ ਮਿਲਿਆ ਰਿਮਾਂਡ