SGPC : ਸ਼੍ਰੋਮਣੀ ਕਮੇਟੀ ਦੇ 104 ਸਾਲ ਹੋਏ ਪੂਰੇ, ਜਾਣੋ ਸਿੱਖ ਸੰਸਥਾ ਦਾ ਇਤਿਹਾਸਿਕ ਪਿਛੋਕੜ ਤੇ ਸਥਾਪਨਾ
Shiromani Gurdwara Parbandhak Committee 104th Foundation Day : ਸਿੱਖਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ 104 ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੁਨੀਆ ਭਰ ਦੇ ਧਰਮਾਂ ਵਿੱਚੋਂ ਸਿੱਖ ਧਰਮ ਦੀ ਨਿਵੇਕਲੀ ਪਹਿਚਾਣ ਹੈ ਤੇ ਸਿੱਖ ਪੰਥ ਵਿੱਚ ਸ਼੍ਰੋਮਣੀ ਕਮੇਟੀ ਦਾ ਅਹਿਮ ਸਥਾਨ ਹੈ। ਸ਼੍ਰੋਮਣੀ ਕਮੇਟੀ ਕਾਨੂੰਨੀ ਤੌਰ 'ਤੇ ਗੁਰਦੁਆਰਾ ਸਹਿਬਾਨਾਂ ਦੀ ਸਾਂਭ-ਸੰਭਾਲ ਕਰਦੀ ਹੈ।
ਇਹ ਸੰਸਥਾ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਨੂੰ ਚਲਾਉਣ, ਕੁਦਰਤੀ ਆਫ਼ਤਾਂ ਸਮੇਂ ਬਿਨਾਂ ਭੇਦਭਾਵ ਦੇ ਲੋਕਾਂ ਤਕ ਮੁੱਢਲੀ ਸਹਾਇਤਾ ਪਹੁੰਚਾਉਣ ਤੇ ਧਰਮ ਪ੍ਰਚਾਰ ਦਾ ਕੰਮ ਕਰਦੀ ਹੈ। ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 19ਵੀਂ ਸਦੀ ਦੀ ਇੱਕ ਵਿਸ਼ੇਸ਼ ਪ੍ਰਾਪਤੀ ਹੈ।
ਕਦੋਂ ਹੋਂਦ 'ਚ ਆਈ SGPC
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਮੁੱਢਲੇ ਤੌਰ 'ਤੇ ਹੋਂਦ 'ਚ ਆਈ ਸੀ ਤੇ 1925 'ਚ ਗੁਰਦੁਆਰਾ ਐਕਟ ਬਣ ਜਾਣ 'ਤੇ ਪੱਕੇ ਤੌਰ 'ਤੇ ਸਥਾਪਿਤ ਹੋਈ। ਇਸ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਪਹਿਲੀ ਚੌਣ 1926 ਵਿਚ ਹੋਈ, ਜਿਸ 'ਚ ਭਾਰਤੀ ਚੋਣ ਦੇ ਇਤਿਹਾਸ 'ਚ ਪਹਿਲੀ ਵਾਰ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ।
- PTC NEWS