ਚੰਡੀਗੜ੍ਹ: ਪੰਜਾਬ ਭਰ ਵਿੱਚ 108 ਐਂਬੂਲੈਂਸ ਸੇਵਾ ਬਿਲਕੁਲ ਠੱਪ ਹੈ। ਐਂਬੂਲੈਂਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 72 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਸੀ ਪਰ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਧਰਨਾ ਹੋਰ ਵੀ ਵੱਧ ਸਕਦਾ ਹੈ।ਐਂਬੂਲੈਸ ਸੇਵਾ ਚਲਾ ਰਹੀ ਕੰਪਨੀ ਜਿਕਿਤਸਾ ਹੈਲਥਕੇਅਰ ਨੇ ਮੁਲਾਜ਼ਮਾਂ ਦੀ ਹੜਤਾਲ ਨੂੰ ਗ਼ੈਰ ਕਾਨੂੰਨੀ ਕਰਾਹ ਦਿੱਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਕਰਮਚਾਰੀ ਕੰਮ ਉੱਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਉੱਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ।108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਉਨ੍ਹਾਂ ਨੂੰ ਵੀ ਠੇਕਾ ਪ੍ਰਥਾ ਤੋਂ ਮੁਕਤ ਕਰਕੇ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਹਰਿਆਣਾ ਦੀ ਤਰਜ਼ 'ਤੇ ਤਨਖਾਹ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ। ਕੰਪਨੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਜਦੋਂਕਿ ਕੰਪਨੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮਾਪਦੰਡਾਂ ਮੁਤਾਬਕ ਤਨਖਾਹ ਦਿੱਤੀ ਜਾ ਰਹੀ ਹੈ।ਐਸੋਸੀਏਸ਼ਨ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਵਿਭਾਗ ਵਿੱਚ ਲੈ ਕੇ 10 ਫੀਸਦੀ ਵਾਧਾ ਦੇਵੇ। ਇਸ ਤੋਂ ਇਲਾਵਾ ਪਿਛਲੇ ਦਸ ਸਾਲਾਂ ਦੌਰਾਨ ਕੀਤੇ ਵਾਧੇ ਦੇ ਬਕਾਏ ਵਿਆਜ ਸਮੇਤ ਅਦਾ ਕੀਤੇ ਜਾਣ। ਸਾਰੇ ਕਰਮਚਾਰੀਆਂ ਦਾ 50 ਲੱਖ ਦਾ ਦੁਰਘਟਨਾ ਅਤੇ ਬਿਮਾਰੀ ਬੀਮਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਮੰਗ ਹੈ ਕਿ ਜੇਕਰ ਕੋਈ ਮੁਲਾਜ਼ਮ ਨੌਕਰੀ ਦੌਰਾਨ ਦੁਰਘਟਨਾ ਜਾਂ ਕਿਸੇ ਹੋਰ ਕਾਰਨ ਕਰਕੇ ਅਪਾਹਜ ਹੋ ਜਾਂਦਾ ਹੈ ਤਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਪੀੜਤ ਨੂੰ ਪੈਨਸ਼ਨ ਦੀ ਸਹੂਲਤ ਦਿੱਤੀ ਜਾਵੇ।ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿੱਚ ਐਂਬੂਲੈਂਸ ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਜਿਕਿਤਸਾ ਹੈਲਥਕੇਅਰ ਲਿਮਟਿਡ (ZHL) ਦੇ ਪ੍ਰੋਜੈਕਟ ਹੈੱਡ ਮਨੀਸ਼ ਬੱਤਰਾ ਨੇ ਦੱਸਿਆ ਕਿ 108 ਐਂਬੂਲੈਂਸ ਸੇਵਾ ਵਿੱਚ ਲੱਗੇ ਕਰਮਚਾਰੀਆਂ ਦੀ ਤਨਖਾਹ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਕੀਤੀ ਜਾਂਦੀ ਹੈ। ਡੀਸੀ ਦਫ਼ਤਰ ਦੇ ਰੇਟ ਤਹਿਤ ਘੱਟੋ-ਘੱਟ ਉਜਰਤ ਨੋਟੀਫਿਕੇਸ਼ਨ ਅਨੁਸਾਰ ਪਿਛਲੇ ਸਾਲ ਅਕਤੂਬਰ ਮਹੀਨੇ ਦੇ ਮੁਲਾਜ਼ਮਾਂ ਦੇ ਬਕਾਏ ਸਮੇਤ ਤਨਖ਼ਾਹ ਵਿੱਚ ਵਾਧਾ ਕੀਤਾ ਗਿਆ ਹੈ। ਕਿਰਤ ਕਾਨੂੰਨਾਂ ਅਨੁਸਾਰ ਛੁੱਟੀ ਦਿੱਤੀ ਜਾਂਦੀ ਹੈ।ਮਨੀਸ਼ ਬੱਤਰਾ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਵਾਲਾ ਮਨਪ੍ਰੀਤ ਨਿੱਝਰ ਜਿਕਿਤਸਾ ਹੈਲਥਕੇਅਰ 108 ਐਂਬੂਲੈਂਸ ਦਾ ਹਿੱਸਾ ਨਹੀਂ ਹੈ। ਬੱਤਰਾ ਨੇ ਉਮੀਦ ਜਤਾਈ ਕਿ ਉਨ੍ਹਾਂ ਦੇ ਕਰਮਚਾਰੀ ਹੜਤਾਲ 'ਤੇ ਨਹੀਂ ਜਾਣਗੇ। ਜੇਕਰ ਉਹ ਐਮਰਜੈਂਸੀ ਸੇਵਾਵਾਂ ਵਿੱਚ ਵਿਘਨ ਪਾਉਂਦੇ ਹਨ, ਤਾਂ ਕੰਪਨੀ ਕਾਨੂੰਨ ਦੇ ਅਨੁਸਾਰ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰੇਗੀ। ਉਨ੍ਹਾਂ ਨੇ ਕਰਮਚਾਰੀਆਂ ਨੂੰ ਕੰਮ 'ਤੇ ਪਰਤਣ ਲਈ ਕਿਹਾ ਹੈ।