Sri Anandpur Sahib News : 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ’ਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਏ ਸਥਾਨਕ ਸਰਕਾਰ : ਜਥੇਦਾਰ ਕੁਲਦੀਪ ਸਿੰਘ ਗੜਗੱਜ
Sri Anandpur Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਪਣੇ ਦਫ਼ਤਰ ’ਚ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਸੀਤਾ ਨਾਲ ਮੁਲਾਕਾਤ ਕਰਕੇ ਸ੍ਰੀ ਆਨੰਦਪੁਰ ਸਾਹਿਬ ਜੋ ਕਿ ਸਿੱਖ ਕੌਮ ਲਈ ਬਹੁਤ ਮੁਕੱਦਸ ਨਗਰ ਹੈ ਦੀ ਸਾਫ਼-ਸਫ਼ਾਈ ਸਮੇਤ ਹੋਰ ਮੁੱਦਿਆਂ ਤੇ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਆਖਿਆ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜੀਤ ਸਿੰਘ ਨੂੰ ਜਾਣਕਾਰੀ ਦਿੱਤੀ ਕਿ ਇਸੇ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸਬੰਧੀ ਸ਼ਤਾਬਦੀ ਵੱਡੇ ਪੱਧਰ ਉੱਤੇ ਮਨਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀ ਦਿਹਾੜਿਆਂ ਮੌਕੇ ਦੇਸ਼ ਦੁਨੀਆ ਤੋਂ ਸਿੱਖ ਸੰਗਤ ਵੱਡੀ ਗਿਣਤੀ 'ਚ ਸ੍ਰੀ ਆਨੰਦਪੁਰ ਸਾਹਿਬ ਪੁੱਜੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਾਫ਼ ਸਫ਼ਾਈ ਨਾ ਹੋਣਾ, ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣਾ, ਸੜਕਾਂ ਉੱਪਰ ਕੂੜੇ ਦੇ ਢੇਰ ਸਮੇਤ ਹੋਰ ਕਈ ਸਮੱਸਿਆਵਾਂ ਬਾਰੇ ਸਥਾਨਕ ਸੰਗਤ ਵੱਲੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਅਨੰਦਾਂ ਦੀ ਪੁਰੀ ਹੈ ਅਤੇ ਇੱਥੇ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੀ ਮੌਜੂਦ ਹੈ।
ਇਸ ਲਈ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਦਾ ਵਾਤਾਵਰਣ ਬਹੁਤ ਸੁੰਦਰ ਅਤੇ ਸਾਫ਼ ਸੁਥਰਾ ਹੋਵੇ ਤਾਂ ਜੋ ਇੱਥੇ ਪੁੱਜਣ ਵਾਲੀ ਸੰਗਤ ਚੰਗਾ ਅਨੁਭਵ ਲੈ ਕੇ ਜਾਵੇ। ਉਨ੍ਹਾਂ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੁਲਾਕਾਤ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਜਥੇਦਾਰ ਗੜਗੱਜ ਨੂੰ ਭਰੋਸਾ ਦਿਵਾਇਆ ਕਿ ਸ਼ਤਾਬਦੀ ਦੇ ਮੱਦੇਨਜ਼ਰ ਸ਼ਹਿਰ ਅੰਦਰ ਸਾਫ਼-ਸਫ਼ਾਈ ਅਤੇ ਕੂੜੇ ਦੇ ਨਿਪਟਾਰੇ ਦੇ ਪ੍ਰਬੰਧ ਨੂੰ ਸੁਚੱਜਾ ਕਰਨ ਦੇ ਨਾਲ-ਨਾਲ ਹੋਰ ਵੀ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇਗਾ।
- PTC NEWS