Kapurthala News : ਪੰਜਾਬ ਦੇ ਕਪੂਰਥਲਾ 'ਚ ਵੱਡਾ ਹਾਦਸਾ, ਵਿਸਾਖੀ 'ਤੇ ਬਿਆਸ ਦਰਿਆ 'ਚ ਨਹਾਉਣ ਗਏ 4 ਨੌਜਵਾਨ ਡੁੱਬੇ
Kapurthala News : ਪੰਜਾਬ ਦੇ ਕਪੂਰਥਲਾ ਵਿੱਚ ਵਿਸਾਖੀ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ ਹੈ। ਵਿਸਾਖੀ 'ਤੇ ਬਿਆਸ ਦਰਿਆ ਵਿੱਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਪੀਰੇਵਾਲ ਨਜ਼ਦੀਕ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇਹ ਚਾਰੇ ਨੌਜਵਾਨ ਬਿਆਸ ਦਰਿਆ ਵਿੱਚ ਨਹਾਉਣ ਗਏ ਸਨ। ਨਹਾਉਂਦੇ ਸਮੇਂ, ਉਹ ਡੂੰਘੇ ਪਾਣੀ ਵਿੱਚ ਚਲੇ ਗਏ ਅਤੇ ਤੇਜ਼ ਵਹਾਅ ਵਿੱਚ ਵਹਿ ਗਏ। ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਹੁਣ ਤੱਕ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਦੋ ਹੋਰਾਂ ਦੀ ਭਾਲ ਜਾਰੀ ਹੈ। ਸਿਵਲ ਹਸਪਤਾਲ ਵਿੱਚ ਡਿਊਟੀ 'ਤੇ ਮੌਜੂਦ ਡਾਕਟਰ ਸਿਧਾਰਥ ਬਿੰਦਰਾ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨਾਂ ਦੀ ਪਛਾਣ 17 ਸਾਲਾ ਅਰਸ਼ਦੀਪ ਸਿੰਘ ਪੁੱਤਰ ਮਨਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਪਿੰਡ ਪੀਰਵਾਲ ਦੇ ਰਹਿਣ ਵਾਲੇ ਸਨ। ਲਾਪਤਾ ਨੌਜਵਾਨਾਂ ਵਿੱਚ ਵਿਸ਼ਾਲ ਪੁੱਤਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਸ਼ਾਮਲ ਹਨ।
ਮ੍ਰਿਤਕਾਂ ਦੇ ਪਰਿਵਾਰਾਂ ਨੇ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ ਦੀ ਲਿਖਤੀ ਸਹਿਮਤੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਐਨਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਲਾਪਤਾ ਨੌਜਵਾਨਾਂ ਦੀ ਭਾਲ ਕਰ ਰਹੀ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ।
- PTC NEWS