ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ 'ਤੇ ਮਾਮਲਾ ਦਰਜ
ਗੁਰਦਾਸਪੁਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਮਗਰੋਂ ਮੁਸ਼ਕਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਸਿੱਖ ਜਥੇਬੰਦੀਆਂ ਦੇ ਰੋਸ ਮਗਰੋਂ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਹਰਵਿੰਦਰ ਸੋਨੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਹੁਣ ਉਸ ਦੀ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਕਾਬਿਲੇਗੌਰ ਹੈ ਕਿ ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਮਗਰੋਂ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸਐਸਪੀ ਦਫਤਰ ਬਾਹਰ ਧਰਨਾ ਲਾ ਕੇ ਬੈਠੀਆਂ ਸਨ।
ਗੌਰਤਲਬ ਹੈ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਐਸਪੀ ਦਫ਼ਤਰ ਗੁਰਦਾਸਪੁਰ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ ਪਰ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਕੁੱਝ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਘਰ ਵੱਲ ਨੂੰ ਚਾਲੇ ਪਾ ਦਿੱਤੇ ਤੇ ਕੁੱਝ ਜਥੇਬੰਦੀਆ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਕੋਈ ਐਕਸ਼ਨ ਕਰਨਗੇ। ਇਸ ਤੋਂ ਬਾਅਦ ਨਿਹੰਗ ਸਿੰਘ ਤੇ ਮਾਨ ਦਲ ਦੇ ਆਗੂਆ ਵਿੱਚ ਤਿੱਖੀ ਬਹਿਸ ਸ਼ੁਰੂ ਹੋ ਗਈ। ਇਸ ਮਗਰੋਂ ਮੌਕੇ ਉਤੇ ਆਗੂਆ ਨੇ ਇਕ ਦੂਜੇ ਨੂੰ ਸਮਝਾ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਤੇ ਮੋਰਚੇ ਦੀ ਕਾਰਵਾਈ ਸ਼ੁਰੂ ਕਰਵਾਈ।
ਇਹ ਵੀ ਪੜ੍ਹੋ : ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ
- PTC NEWS