ਖੇਤੀ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੋਸ਼ ਦੇ ਮੁਅਤੱਲ ਕਰਨ 'ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ
ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੂਰੀ ਤਨਦੇਹੀ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਦਿਨ-ਰਾਤ ਇੱਕ ਕਰ ਰਿਹਾ ਹੈ ਪ੍ਰੰਤੂ ਸਰਕਾਰ ਵੱਲੋਂ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੋਸ਼ ਦੇ ਮੁਅੱਤਲ ਕਰ ਦੇਣ ਨਾਲ ਵਿਭਾਗ ਦੇ ਸਮੂਹ ਸਟਾਫ਼ ਵਿੱਚ ਪਾਏ ਜਾ ਰਹੇ ਭਾਰੀ ਰੋਸ ਵਜੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਖੇਤੀ ਖੇਤੀ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੋਸ਼ ਦੇ ਮੁਅੱਤਲ ਕਰਨ ਉਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਰੋਸ ਵਜੋਂ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਖੇਤੀ ਟੈਕਨੋਕ੍ਰੇਟਸ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਖੇਤੀ ਟੈਕਨੋਕ੍ਰੇਟਸ ਦੀ ਸਾਂਝੀ ਜਥੇਬੰਦੀ ਐਗਰੀਕਲਚਰ ਟੈਕਨੋਕ੍ਰੇਟਸ ਐਕਸ਼ਨ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਪਰਾਲੀ ਪ੍ਰਬੰਧਨ 'ਚ ਹੋਰ ਵੀ ਕਈ ਵਿਭਾਗਾਂ ਦੀਆਂ ਡਿਊਟੀਆਂ ਲੱਗੀਆਂ ਹਨ ਪਰ ਬਾਖੂਬੀ ਆਪਣੀ ਸੇਵਾ ਨਿਭਾਅ ਰਹੇ ਖੇਤੀ ਅਧਿਕਾਰੀਆਂ ਉੱਤੇ ਕਾਰਵਾਈ ਕਰਨਾ ਸਰਾਸਰ ਧੱਕਾ ਹੈ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਤਕਨੀਕੀ ਪੱਖੋਂ ਸਿੱਖਿਅਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪਾਂ ਰਾਹੀਂ, ਪ੍ਰਚਾਰ ਵੈਨਾਂ ਰਾਹੀਂ, ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਕੇ ਅਤੇ ਹੋਰ ਕਈ ਪਸਾਰ ਮਾਧਿਅਮਾਂ ਰਾਹੀਂ ਘਰ-ਘਰ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣ ਵਿਚ ਕਾਮਯਾਬ ਹੋਇਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਬੈਂਕ ਖਾਤਿਆਂ 'ਚ 20,086 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਜਾਰੀ
ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ। ਖੇਤੀ ਪਸਾਰ ਸੇਵਾਵਾਂ ਦੇ ਪਿਛਲੇ ਸਮੇਂ ਦੌਰਾਨ ਵਧੇ ਰੋਲ ਕਾਰਨ ਹੀ ਕਿਸਾਨ ਝੋਨੇ ਦੀ ਪਰਾਲੀ ਨਾ ਸਾੜਨ ਲਈ ਮਾਨਸਿਕ ਤੌਰ ਉਤੇ ਤਿਆਰ ਹੋ ਰਹੇ ਹਨ ਤੇ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ਵਿਚ ਵੀ ਭਾਰੀ ਕਮੀ ਆਈ ਹੈ। ਮੁੱਖ ਮੰਤਰੀ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਨਿੱਜੀ ਦਖ਼ਲ ਦੇ ਕੇ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ ਚਾਹੀਦੇ ਹਨ ਨਹੀਂ ਤਾਂ ਵਿਭਾਗ ਦੇ ਅਧਿਕਾਰੀ/ਕਰਮਚਾਰੀ ਸਾਂਝੇ ਤੌਰ 'ਤੇ ਵਿਆਪਕ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
- PTC NEWS