'ਆਪ' ਵਿਧਾਇਕ ਕੁੰਵਰ ਪ੍ਰਤਾਪ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ, ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
ਅੰਮ੍ਰਿਤਸਰ, 5 ਨਵੰਬਰ: ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਵਿਰੋਧੀ ਧਿਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵੀ ਆਪਣੀ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਇੱਥੇ ਦਸਣਾ ਬਣਦਾ ਹੈ ਕਿ ਸਾਬਕਾ ਪੁਲਿਸ ਅਧਿਕਾਰੀ ਪ੍ਰਤਾਪ ਨੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਕਿ ਅਪਰਾਧ ਦਾ ਗ੍ਰਾਫ ਕਾਫੀ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਕਤਲ, ਜਬਰ-ਜ਼ਨਾਹ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਪੁਲਿਸ ਦੇ ਹੱਥ ਅਪਰਾਧਾਂ 'ਤੇ ਕੋਈ ਕਾਬੂ ਨਹੀਂ ਹੈ।
ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਨੇ ਸੱਤਾ ਸੰਭਾਲੀ ਹੈ, ਸੂਬੇ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉੱਥੇ ਹੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸੂਰੀ ਦੇ ਕਤਲ ਲਈ ਭਗਵੰਤ ਮਾਨ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਦੇਸ਼ ਵਿਰੋਧੀ ਤਾਕਤਾਂ ਅਤੇ ਵੱਖਵਾਦੀ ਸਮਰਥਕਾਂ ਦੀਆਂ ਗਤੀਵਿਧੀਆਂ ਵਿੱਚ ਕਾਫੀ ਵਾਧਾ ਹੋਇਆ ਹੈ।
ਦੱਸ ਦੇਈਏ ਕਿ ਏਡੀਜੀਪੀ ਆਰਐਨ ਢੋਕੇ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿੱਥੇ ਇੱਕ ਪਾਸੇ ਅਪਰਾਧ ਵਿੱਚ ਵਰਤੀ ਗਈ ਕਾਰ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ ਗਏ ਹਨ ਉੱਥੇ ਹੀ ਦੂਜੇ ਪਾਸੇ ਸੂਰੀ ਦੇ ਪੁੱਤਰਾਂ ਮਾਨਿਕ ਅਤੇ ਪਾਰਸ ਦਾ ਕਹਿਣਾ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰ ਉਦੋਂ ਤੱਕ ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ ਹੋਇਆ ਜਦੋਂ ਤੱਕ ਉਨ੍ਹਾਂ ਦੇ ਪਿਤਾ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲ ਜਾਂਦਾ।
- PTC NEWS