Aman Arora : ਆਮ ਆਦਮੀ ਪਾਰਟੀ ਨੇ ਅਮਨ ਅਰੋੜਾ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ, ਪੜ੍ਹੋ ਸੀਐਮ ਮਾਨ ਨੇ ਕਿਉਂ ਛੱਡੀ ਪ੍ਰਧਾਨਗੀ?
AAP Punjab New President : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਥਾਪਿਆ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸਟੇਟ ਵਰਕਿੰਗ ਪ੍ਰਧਾਨ ਵੱਜੋਂ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ ਕੁੱਝ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਬਦਲ ਸਕਦੀ ਹੈ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜ਼ਿੰਮੇਵਾਰੀ ਛੱਡਣ ਬਾਰੇ ਕਿਹਾ ਸੀ। ਇਸੇ ਤਰ੍ਹਾਂ ਸ਼ੁੱਕਰਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਪਾਰਟੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਹੈ।
ਪਾਰਟੀ ਨੇ ਨਾਲ ਹੀ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੂੰ ਵੀ ਵੱਡੀ ਜ਼ਿੰਮੇਵਾਰੀ ਦਿੰਦਿਆਂ ਸਟੇਟ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਰਟੀ ਨੇ ਸ਼ੈਰੀ ਕਲਸੀ ਨੂੰ ਅਗਸਤ ਮਹੀਨੇ 'ਚ ਸਟੇਟ ਸਪੋਕਸਪਰਸਨ ਦੀ ਜ਼ਿੰਮੇਵਾਰੀ ਵੀ ਸੌਂਪੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ''ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਨੂੰ ਸਟੇਟ ਵਰਕਿੰਗ ਪ੍ਰਧਾਨ ਦੇ ਤੌਰ 'ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ 'ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।''
ਸੀਐਮ ਮਾਨ ਨੇ ਦੱਸਿਆ ਸੀ ਇਹ ਦੱਸਿਆ ਸੀ ਪ੍ਰਧਾਨਗੀ ਛੱਡਣ ਦਾ ਕਾਰਨ
ਸੀਐਮ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਉਹ 7 ਸਾਲਾਂ ਤੋਂ ਪੰਜਾਬ 'ਚ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਸੀ ਕਿ ਪਾਰਟੀ ਨੂੰ ਕੋਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਕੋਲ ਮੁੱਖ ਮੰਤਰੀ ਵੱਜੋਂ ਹੋਰ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਜਿਸ ਲਈ ਹੁਣ ਕਿਸੇ ਹੋਰ ਨੂੰ ਪ੍ਰਧਾਨਗੀ ਦੀ ਜਿੰਮੇਵਾਰੀ ਮਿਲਣੀ ਚਾਹੀਦੀ ਹੈ।
- PTC NEWS