Papalpreet Singh : ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ,ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਸੀ ਪੰਜਾਬ
Papalpreet Singh : ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮਾਨਯੋਗ ਅਜਨਾਲਾ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ 18 ਅਪ੍ਰੈਲ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਉਸਨੂੰ ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਪਪਲਪ੍ਰੀਤ ਸਿੰਘ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਗਿਆ ਹੈ।
ਦੱਸ ਦੇਈਏ ਕਿ ਪਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਿਹਾ ਸੀ ਤੇ ਉਸ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।
- PTC NEWS