ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ਿਆਂ 'ਤੇ ਕਾਰਵਾਈ ਦਾ ਮਾਮਲਾ; ਹਾਈਕੋਰਟ 'ਚ ਅਰਜ਼ੀ ਦਾਖਲ
ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਹੈ। ਇਸ ਵਿੱਚ ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਇਸ ਉਪਰ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।
ਕਿਸਾਨ ਅੰਦੋਲਨ ਦੇ ਪੱਖ ਵਿੱਚ ਇਹ ਜਨਹਿਤ ਪਟੀਸ਼ਨ ਹਾਈਕੋਰਟ 'ਚ ਉਦੈ ਪ੍ਰਤਾਪ ਸਿੰਘ ਨੇ ਦਾਖਲ ਕੀਤੀ ਹੈ। ਪਟੀਸ਼ਨਕਰਤਾ ਨੇ ਦਾਖਲ ਪਟੀਸ਼ਨ 'ਚ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ ਨੂੰ ਰੋਕਣ ਦੀ ਮੰਗ ਕੀਤੀ ਹੈ।
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਅਜਿਹੀ ਕਾਰਵਾਈ ਸੰਵਿਧਾਨਕ ਹੈ, ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੈਲੇਟ ਗੰਨ ਦੀ ਵਰਤੋਂ ਨੂੰ ਵੀ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ 'ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ।
ਉਦੈ ਪ੍ਰਤਾਪ ਸਿੰਘ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਅੰਬਾਲਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪੁਲਿਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਸ ਸਬੰਧੀ ਪੁਲਿਸ ਵੱਲੋਂ ਪਾਸਪੋਰਟ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਹਰਿਆਣਾ ਪੁਲਿਸ ਮੁਤਾਬਕ ਵੀਡੀਓ ਫੁਟੇਜ ਅਤੇ ਡਰੋਨ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉਦੈਪ੍ਰਤਾਪ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਇਹ ਕਾਰਵਾਈ ਗ਼ੈਰ-ਕਾਨੂੰਨੀ ਹੈ, ਕਿਉਂਕਿ ਕਿਸਾਨ ਸ਼ਾਂਤਮਈ ਨਾਲ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਹਰਿਆਣਾ ਸਰਕਾਰ ਅਤੇ ਪੁਲਿਸ ਦੇ ਇਨ੍ਹਾਂ ਆਦੇਸ਼ਾਂ ਨੂੰ ਰੱਦ ਕੀਤਾ ਜਾਵੇਗਾ।
ਇਸ ਮਾਮਲੇ ਸਬੰਧੀ ਪਹਿਲਾਂ ਤੋਂ ਦਾਇਰ ਪਟੀਸ਼ਨਾਂ ਦੇ ਨਾਲ ਹੀ ਹਾਈ ਕੋਰਟ ਇਸ ਅਰਜ਼ੀ 'ਤੇ ਵੀ 7 ਮਾਰਚ ਨੂੰ ਸੁਣਵਾਈ ਕਰੇਗਾ।
-