ਸੁਪਰੀਮ ਕੋਰਟ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ HC ਨੇ ਜ਼ਮਾਨਤ 'ਤੇ ਲਗਾ ਦਿੱਤੀ ਸੀ ਰੋਕ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਦਿੱਲੀ ਹਾਈਕੋਰਟ ਵੱਲੋਂ ਆਪਣੀ ਜ਼ਮਾਨਤ 'ਤੇ ਰੋਕ ਦੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ਰਾਬ ਘੁਟਾਲੇ ਦੇ ਦੋਸ਼ੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ 'ਤੇ ਰੋਕ ਲੱਗਣ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਅਦਾਲਤ 'ਚ ਆਪਣੀ ਪਟੀਸ਼ਨ ਦਾਇਰ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਸੀਐਮ ਅਰਵਿੰਦ ਕੇਜਰੀਵਾਲ ਦੇ ਵਕੀਲਾਂ ਨੇ ਅਦਾਲਤ ਨੂੰ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕਰਨ ਦੀ ਬੇਨਤੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਪਟੀਸ਼ਨ 'ਚ ਕੇਜਰੀਵਾਲ ਦੀ ਤਰਫੋਂ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ 'ਤੇ ਸਟੇਅ ਲਗਾਈ ਹੈ, ਉਹ ਕਾਨੂੰਨ ਦੀਆਂ ਹਦਾਇਤਾਂ ਦੇ ਖਿਲਾਫ ਹੈ ਅਤੇ ਇਹ ਬੁਨਿਆਦੀ ਸੀਮਾਵਾਂ ਦੀ ਵੀ ਉਲੰਘਣਾ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਾਈ ਕੋਰਟ ਵੱਲੋਂ ਜ਼ਮਾਨਤ ’ਤੇ ਸਟੇਅ ਦੇਣ ਨਾਲ ਪਟੀਸ਼ਨਰ ਨੂੰ ਠੇਸ ਪਹੁੰਚੀ ਹੈ, ਇਸ ਲਈ ਅਦਾਲਤ ਦੇ ਇਸ ਹੁਕਮ ਨੂੰ ਇੱਕ ਪਲ ਲਈ ਵੀ ਜਾਰੀ ਨਾ ਰੱਖਿਆ ਜਾਵੇ। ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਅਤੇ ਪਟੀਸ਼ਨਕਰਤਾ ਨੂੰ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਗਈ ਹੈ।
ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪਿਛਲੇ ਵੀਰਵਾਰ ਨੂੰ ਇਸ ਪੂਰੇ ਐਪੀਸੋਡ ਵਿੱਚ ਇੱਕ ਦਿਲਚਸਪ ਮੋੜ ਆਇਆ। ਦਰਅਸਲ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।
ਪਰ ਕੇਜਰੀਵਾਲ ਦੇ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਸੀਐਮ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਈਡੀ ਦੀ ਤਰਫੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਹੇਠਲੀ ਅਦਾਲਤ ਦੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਹੈ ਅਤੇ ਈਡੀ ਨੂੰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਦਾ ਪੂਰਾ ਮੌਕਾ ਨਹੀਂ ਮਿਲ ਸਕਿਆ।
ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ। ਹੇਠਲੀ ਅਦਾਲਤ ਦਾ ਹੁਕਮ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਈਡੀ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਹੀ ਪ੍ਰਭਾਵੀ ਹੋਵੇਗਾ।
ਇਹ ਵੀ ਪੜ੍ਹੋ: Shambhu Border: ਸ਼ੰਭੂ ਬਾਰਡਰ 'ਤੇ ਪਹੁੰਚੇ ਸ਼ਰਾਰਤੀ ਅਨਸਰ, ਕਿਸਾਨਾਂ ਨੇ ਮੌਕੇ 'ਤੇ ਕੀਤੇ ਕਾਬੂ, ਕਿਸਾਨਾਂ ਨੇ ਲਾਏ ਇਹ ਇਲਜ਼ਾਮ
- PTC NEWS