ਚੰਡੀਗੜ੍ਹ: ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਇੱਕ ਸ਼ਿਕਾਇਤਕਰਤਾ ਨਾਲ ਆਪਸੀ ਸਮਝੌਤਾ ਕਰਵਾਉਣ ਬਦਲੇ 5, 000 ਰੁਪਏ ਰਿਸ਼ਵਤ ਮੰਗ ਰਿਹਾ ਸੀ, ਜਿਸ ਨੇ ਉਸਦੇ ਖਿਲਾਫ਼ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸ ਸਬੰਧੀ ਹੋਰ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕੀਤਾ ਅਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।