ਗੁਜਰਾਤ ਵਿਧਾਨ ਸਭਾ ਚੋਣਾਂ 2022: ਭਾਜਪਾ ਨੇ ਰਵਿੰਦਰ ਜਡੇਜਾ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ
ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਭਾਰਤੀ ਕ੍ਰਿਕਟ ਦੇ ਹਰਫਨਮੌਲਾ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੂੰ ਜਾਮਨਗਰ ਉੱਤਰੀ ਵਿਧਾਨ ਸਭਾ ਸੀਟ ਤੋਂ ਮੈਦਾਨ 'ਚ ਉਤਾਰਿਆ ਹੈ। ਇਸ ਸੀਟ ਤੋਂ ਮੌਜੂਦਾ ਵਿਧਾਇਕ ਧਰਮਿੰਦਰ ਸਿੰਘ ਐੱਮ. ਜਡੇਜਾ ਦੀ ਟਿਕਟ ਕੱਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਵੀ ਵਿਰਾਮਗ੍ਰਾਮ ਤੋਂ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਵੀਰਵਾਰ ਨੂੰ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ 'ਚ 182 'ਚੋਂ 160 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਕੁੱਲ ਸੱਤ ਨਾਂ ਹਨ, ਜਿਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਉਤੇ ਚੋਣ ਲੜੀ ਸੀ।
ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੀਜੇਪੀ (BJP) ਨੇ ਵੀਰਵਾਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਹ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭੂਪੇਂਦਰ ਪਟੇਲ ਘਾਟਲੋਡੀਆ ਸੀਟ ਤੋਂ ਚੋਣ ਲੜਨਗੇ ਅਤੇ ਇਸ ਦੇ ਨਾਲ ਹੀ ਭਾਜਪਾ ਨੇ ਜਾਮ ਨਗਰ ਉੱਤਰੀ ਤੋਂ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਕਮਲਨਾਥ ਨੂੰ ਸਨਮਾਨਿਤ ਕਰਨ 'ਤੇ ਭੜਕੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਕਹੀ ਵੱਡੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 'ਚ ਸੂਚੀ ਨੂੰ ਆਖਰੀ ਰੂਪ ਦਿੱਤਾ ਗਿਆ। ਇਸ ਮੀਟਿੰਗ 'ਚ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ।ਜਿਸ ਦਾ ਪ੍ਰੈੱਸ ਕਾਨਫਰੰਸ ਕਰ ਕੇ ਹੁਣ ਇਸ ਦਾ ਰਸਮੀ ਐਲਾਨ ਵੀ ਕਰ ਦਿੱਤਾ ਗਿਆ।
- PTC NEWS