ਵੱਡੀ ਖ਼ਬਰ : ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਵਜ਼ਾਰਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਬਾਗਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਵਜ਼ਾਰਤ 'ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਅੱਜ ਕੈਬਨਿਟ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਤੋਂ ਇਲਾਵਾ ਸਰਬਜੀਤ ਕੌਰ ਮਾਣੂੰਕੇ ਦੇ ਨਾਮ ਦੀ ਵੀ ਚਰਚਾ ਚੱਲ ਰਹੀ ਹੈ।
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਹਮੇਸ਼ਾ ਰਹਿਣਗੇ। ਕਾਬਿਲੇਗੌਰ ਹੈ ਕਿ ਆਡੀਓ ਵਾਇਰਲ ਹੋਣ ਮਗਰੋਂ ਫੌਜਾ ਸਿੰਘ ਵਿਵਾਦਾਂ ਵਿਚ ਘਿਰ ਗਏ ਸਨ। ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਕੋਲੋਂ ਫੌਜਾ ਸਿੰਘ ਸਰਾਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਇਸ ਤੋਂ ਇਲਾਵਾ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਜ਼ਾਰਤ ਵਿਚ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਦੀ ਰਿਹਾਇਸ਼ 'ਚ ਇਕ ਸਾਦੇ ਪ੍ਰੋਗਰਾਮ 'ਚ ਨਵੇਂ ਚਿਹਰਿਆਂ ਨੂੰ ਹਲਫ਼ ਦਿਵਾਇਆ ਜਾ ਸਕਦਾ ਹੈ।
ਕਾਬਿਲੇਗੌਰ ਹੈ ਕਿ ਫ਼ੌਜਾ ਸਿੰਘ ਗੁਰਹਰਸਾਏ ਤੋਂ 'ਆਪ' ਦੇ ਵਿਧਾਇਕ ਹਨ, ਜਿਨ੍ਹਾਂ ਨੇ 2022 ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ। ਪੰਜਾਬ ਪੁਲਿਸ ਤੋਂ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਫ਼ੌਜਾ ਸਿੰਘ ਸਰਾਰੀ ਨੇ 2020 ਵਿੱਚ ਸਿਆਸਤ ਵਿੱਚ ਆਉਣ ਦਾ ਫ਼ੈਸਲਾ ਕੀਤਾ ਸੀ। ਫ਼ੌਜਾ ਸਿੰਘ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਤੇ ਤਿੰਨ ਧੀਆਂ ਹਨ ਤੇ ਦੋ ਧੀਆਂ ਵਿਆਹੀਆਂ ਹੋਈਆਂ ਹਨ। ਉਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਤੇ ਜਿੱਤ ਹਾਸਲ ਕੀਤੀ।
- PTC NEWS