Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਸਬੰਧੀ ਇਤਰਾਜ਼ਯੋਗ ਪੋਸਟ ਪਾਉਣ ਵਾਲੇ 2 ਨੌਜਵਾਨਾਂ ਵਿਰੁੱਧ ਮਾਮਲਾ ਦਰਜ
Pahalgam Terror Attack : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੱਧ ਪ੍ਰਦੇਸ਼ ਦੇ ਦਮੋਹ ਸ਼ਹਿਰ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਦੋਵਾਂ 'ਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਸੰਬੰਧੀ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਪੋਸਟਾਂ ਪਾਉਣ ਦਾ ਆਰੋਪ ਹੈ। ਪੁਲਿਸ ਹੁਣ ਉਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਹੈ।
ਦਮੋਹ ਸ਼ਹਿਰ ਦੇ ਪੁਲਿਸ ਸੁਪਰਡੈਂਟ (ਸੀਐਸਪੀ) ਅਭਿਸ਼ੇਕ ਤਿਵਾੜੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਪਹਿਲਗਾਮ ਵਿੱਚ ਹੋਏ ਹਮਲੇ ਤੋਂ ਬਾਅਦ ਪੁਲਿਸ ਸੋਸ਼ਲ ਮੀਡੀਆ 'ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਕੋਤਵਾਲੀ ਪੁਲਿਸ ਸਟੇਸ਼ਨ ਇੰਚਾਰਜ ਨੂੰ ਦੋ ਅਜਿਹੀਆਂ ਪੋਸਟਾਂ ਮਿਲੀਆਂ ,ਜੋ ਸਮਾਜਿਕ ਮਾਹੌਲ ਨੂੰ ਵਿਗਾੜ ਸਕਦੀਆਂ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀਆਂ ਹਨ।
ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਨੌਜਵਾਨਾਂ ਵਿਰੁੱਧ ਭਾਰਤੀ ਦੰਡ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਫਿਰਕੂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦਾ ਆਰੋਪ ਹੈ। ਸੀਐਸਪੀ ਤਿਵਾੜੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਵਾਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਸੁਪਰਡੈਂਟ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇਸ ਮਾਮਲੇ ਵਿੱਚ ਵਸੀਮ ਅਤੇ ਤਨਵੀਰ ਵਿਰੁੱਧ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਪੋਸਟਾਂ ਪਾਉਣ ਲਈ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਪੋਸਟ ਕੱਲ੍ਹ ਰਾਤ ਕੀਤੀ ਗਈ ਸੀ, ਜਿਸ 'ਤੇ ਕੋਤਵਾਲੀ ਪੁਲਿਸ ਨੇ ਨੋਟਿਸ ਲਿਆ ਅਤੇ ਦੇਰ ਰਾਤ ਕੇਸ ਦਰਜ ਕਰ ਲਿਆ। ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਗੱਲਾਂ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ।
ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ ਜਿੱਥੇ 26 ਲੋਕਾਂ ਦੀ ਜਾਨ ਚਲੀ ਗਈ, ਉੱਥੇ ਹੀ ਦੇਸ਼ ਦੇ ਤਿੰਨ ਅਫ਼ਸਰ ਵੀ ਇਸ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਹਨ। ਇਹ ਘਟਨਾ ਸਿਰਫ਼ ਇੱਕ ਅੱਤਵਾਦੀ ਹਮਲਾ ਨਹੀਂ ਸੀ, ਸਗੋਂ ਇਹ ਉਨ੍ਹਾਂ ਸੁਪਨਿਆਂ ਅਤੇ ਪਰਿਵਾਰਾਂ ਦਾ ਕਤਲ ਸੀ ,ਜੋ ਖੁਸ਼ੀ ਦੀ ਭਾਲ ਵਿੱਚ ਪਹਿਲਗਾਮ ਦੀਆਂ ਵਾਦੀਆਂ ਵਿੱਚ ਆਏ ਸਨ।
- PTC NEWS