ਦਿੱਲੀ CM ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਹੁਣ CBI ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
CBI Arrest Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਕਥਿਤ ਸ਼ਰਾਬ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ।
ਸੀਬੀਆਈ ਨੇ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਕੇਜਰੀਵਾਲ ਤੋਂ ਪੁੱਛਗਿੱਛ ਦੀ ਇਜਾਜ਼ਤ ਦਿੰਦੇ ਹੋਏ ਉਨ੍ਹਾਂ ਨੂੰ ਉਹ ਦਸਤਾਵੇਜ਼ ਦਿਖਾਉਣ ਲਈ ਕਿਹਾ ਹੈ, ਜਿਨ੍ਹਾਂ ਦੇ ਆਧਾਰ 'ਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਕੇਜਰੀਵਾਲ ਨੂੰ ਬੁੱਧਵਾਰ ਸਵੇਰੇ ਤਿਹਾੜ ਜੇਲ੍ਹ ਤੋਂ ਰਾਉਜ਼ ਐਵੇਨਿਊ ਕੋਰਟ ਲਿਆਂਦਾ ਗਿਆ। ਇਸ ਦੌਰਾਨ ਅਦਾਲਤ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ਪਹੁੰਚੀ। ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ ਗਿਆ।
ਵੀਡੀਓ ਕਾਨਫਰੰਸਿੰਗ ਰਾਹੀਂ ਕੇਜਰੀਵਾਲ ਵੱਲੋਂ ਪੇਸ਼ ਹੋਏ ਐਡਵੋਕੇਟ ਵਿਕਰਮ ਚੌਧਰੀ ਨੇ ਕਿਹਾ ਕਿ ਸੀਬੀਆਈ ਪੱਖਪਾਤੀ ਤਰੀਕੇ ਨਾਲ ਕੰਮ ਕਰ ਰਹੀ ਹੈ। ਚੌਧਰੀ ਨੇ ਦਸਤਾਵੇਜ਼ਾਂ ਦੀ ਮੰਗ ਕਰਦਿਆਂ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ। ਸੀਬੀਆਈ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਡੀਪੀ ਸਿੰਘ ਨੇ ਕਿਹਾ, ‘ਅਸੀਂ ਚੋਣਾਂ ਤੋਂ ਪਹਿਲਾਂ ਜਾਂ ਚੋਣਾਂ ਦੌਰਾਨ ਅਜਿਹਾ ਕਰ ਸਕਦੇ ਸੀ, ਪਰ ਅਜਿਹਾ ਨਹੀਂ ਕੀਤਾ। ਅਸੀਂ ਇਸ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 21 ਦਿਨਾਂ ਦੀ ਅੰਤਰਿਮ ਜ਼ਮਾਨਤ ਨੂੰ ਛੱਡ ਕੇ, ਉਹ ਤਿੰਨ ਮਹੀਨਿਆਂ ਤੋਂ ਈਡੀ ਦੀ ਹਿਰਾਸਤ ਅਤੇ ਨਿਆਂਇਕ ਹਿਰਾਸਤ ਵਿੱਚ ਹੈ। ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਹਾਈ ਕੋਰਟ ਨੇ ਇਸ 'ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ
- PTC NEWS