CBI ਨੇ 1984 ਸਿੱਖ ਨਸਲਕੁਸ਼ੀ 'ਚ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
ਨਵੀਂ ਦਿੱਲੀ: ਸੀਬੀਆਈ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਚਾਰਜਸ਼ੀਟ ਸੀਬੀਆਈ ਵੱਲੋਂ 1984 ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਗੁਰਦੁਆਰਾ ਅੱਗ ਕਾਂਡ ਵਿੱਚ ਦਾਖ਼ਲ ਕੀਤੀ ਗਈ ਹੈ। ਟਾਈਟਲਰ 'ਤੇ ਇਲਜ਼ਾਮ ਹੈ ਕਿ ਉਸ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਤਿੰਨ ਲੋਕਾਂ ਦੀ ਹੱਤਿਆ ਕੀਤੀ ਸੀ ਅਤੇ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ। ਇਸ ਵਿੱਚ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਨਾਮ ਦੇ 3 ਸਿੱਖਾਂ ਨੂੰ ਕਥਿਤ ਤੌਰ ‘ਤੇ ਸਾੜ ਦਿੱਤਾ ਗਿਆ ਸੀ। ਕਾਂਗਰਸ ਨੇਤਾ 'ਤੇ ਧਾਰਾ 147, 148, 149, 153 (ਏ), 188 ਆਈਪੀਸੀ ਅਤੇ 109, 302, 295 ਅਤੇ 436 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ।
ਸੀਬੀਆਈ ਨੇ ਦਿੱਲੀ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿੱਚ ਇਕੱਠੀ ਹੋਈ ਭੀੜ ਨੂੰ ਭੜਕਾਇਆ ਅਤੇ ਉਕਸਾਇਆ ਸੀ, ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਸਾੜ ਦਿੱਤਾ ਗਿਆ ਅਤੇ ਤਿੰਨ ਸਿੱਖ ਮਾਰੇ ਗਏ। ਇਨ੍ਹਾਂ ਦੇ ਨਾਮ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਸਨ।
ਮਨਜੀਤ ਸਿੰਘ ਜੀ.ਕੇ. ਦਾ ਬਿਆਨ
DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੇ ਬਿਆਨ 'ਚ ਕਿਹਾ ਕਿ 5 ਫਰਵਰੀ 2018 ਨੂੰ ਮੇਰੇ ਵੱਲੋਂ ਜਗਦੀਸ਼ ਟਾਈਟਲਰ ਦੇ ਜਾਰੀ ਕੀਤੇ ਗਏ 5 ਸਟਿੰਗ ਵੀਡੀਓ ਨੂੰ ਅਧਾਰ ਮੰਨ ਕੇ CBI ਨੇ ਪੁਲ ਬੰਗਸ਼ ਵਿਖੇ ਹੋਏ 3 ਸਿੱਖਾਂ ਦੇ ਕਤਲ ਮਾਮਲੇ ਵਿਚ ਟਾਈਟਲਰ ਦੇ ਖਿਲਾਫ ਆਖਰ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।
ਜਾਣੋ ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਸਾਲ 1984 'ਚ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਸਾਕਾ ਨੀਲਾ ਤਾਰਾ ਅਧੀਨ ਫੌਜੀ ਕਾਰਵਾਈ ਮਗਰੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਅੰਗ ਰੱਖਿਅਕਾਂ ਨੇ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਇਹ ਦੋਵੇਂ ਬਾਡੀਗਾਰਡ ਸਿੱਖ ਭਾਈਚਾਰੇ ਨਾਲ ਸਬੰਧਤ ਸਨ। ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਸੀ। ਉਸ ਸਮੇਂ ਇਹ ਹਲਾਤ ਸਿੱਖ ਨਸਲਕੁਸ਼ੀ ਵਿੱਚ ਬਦਲ ਗਏ। ਫਿਰ ਦਿੱਲੀ ਵਿੱਚ ਵਾਪਰੇ ਸਿੱਖ ਕਤਲੇਆਮ 'ਚ 3000 ਤੋਂ ਵੱਧ ਸਿੱਖ ਮਾਰੇ ਗਏ। ਪੀੜਤਾਂ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਅੰਤਿਮ ਰਿਪੋਰਟ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ।
ਅਦਾਲਤ ਨੇ ਦਸੰਬਰ 2015 ਵਿੱਚ ਸੀਬੀਆਈ ਨੂੰ ਮਾਮਲੇ ਦੀ ਹੋਰ ਜਾਂਚ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਉਹ ਹਰ ਪਹਿਲੂ ਦੀ ਜਾਂਚ ਯਕੀਨੀ ਬਣਾਉਣ ਲਈ ਹਰ ਦੋ ਮਹੀਨੇ ਬਾਅਦ ਜਾਂਚ ਦੀ ਨਿਗਰਾਨੀ ਕਰੇਗੀ। ਟਾਈਟਲਰ 'ਤੇ ਭੀੜ ਨੂੰ ਭੜਕਾਉਣ ਦਾ ਇਲਜ਼ਾਮ ਹੈ। ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਸੀਬੀਆਈ ਨੂੰ ਇਨ੍ਹਾਂ ਮਾਮਲਿਆਂ 'ਚ ਕੁਝ ਨਵੇਂ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਸੀਬੀਆਈ ਨੇ ਜਗਦੀਸ਼ ਟਾਈਟਲਰ ਨੂੰ ਬੁਲਾ ਕੇ ਉਸਦੀ ਆਵਾਜ਼ ਦਾ ਸੈਂਪਲ ਰਿਕਾਰਡ ਕਰਵਾਇਆ ਸੀ।
- With inputs from agencies