ਮੁੱਖ ਮੰਤਰੀ ਵੱਲੋਂ 'ਆਪ' ਦੇ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ, ਜਾਣੋ ਕਾਰਨ
ਚੰਡੀਗੜ੍ਹ : ਮੁੱਖ ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁਸ਼ਕਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਾਰੀਕੀ ਨਾਲ ਜਾਂਚ ਦੇ ਹੁਕਮ ਦਿੱਤੇ ਹਨ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਲਕਾ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ। ਰਾਜਕੁਮਾਰ ਵੱਲੋਂ ਮੁੱਖ ਮੰਤਰੀ ਨੂੰ ਲਿਖਤੀ ਰੂਪ 'ਚ ਸ਼ਿਕਾਇਤ ਭੇਜੀ ਗਈ ਹੈ ਤੇ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ 'ਚ ਆਪਣਾ ਆਧਾਰ ਕਾਰਡ ਨੰਬਰ ਅਤੇ ਮੋਬਾਈਲ ਨੰਬਰ ਵੀ ਦਿੱਤਾ ਹੈ। ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ 'ਆਪ' ਨੇ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਆਪਣੇ ਨਜ਼ਦੀਕੀਆਂ ਨੂੰ ਅਹੁਦਿਆਂ ਤੋਂ ਦੂਰ ਰੱਖਣ ਪਰ ਹਲਕਾ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਆਪਣੇ ਪਤੀ ਸੁਖਵਿੰਦਰ ਸੁੱਖੀ ਨੂੰ ਓ.ਐਸ.ਡੀ ਲਗਾਇਆ ਹੋਇਆ ਹੈ। ਇਨ੍ਹਾਂ 'ਤੇ ਹਠੂਰ ਦੀ 2 ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ 'ਚ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਮਾਈਨਿੰਗ ਸਬੰਧੀ ਚਰਚਾ ਹੈ ਕਿ ਸਰਬਜੀਤ ਕੌਰ ਮਾਣੂੰਕੇ ਰੇਤ ਵਾਲਿਆਂ ਤੋਂ ਪ੍ਰਤੀ ਮਹੀਨਾ 7 ਲੱਖ ਰੁਪਏ ਵਸੂਲੀ ਕਰ ਰਹੀ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਜੋ ਨਸ਼ਾ ਵੇਚਣ ਵਾਲਿਆਂ ਨੂੰ ਪਨਾਹ ਦਿੰਦਾ ਹੈ ਤੇ ਨਸ਼ਾ ਵੇਚਣ ਵਾਲਿਆ ਵੱਲੋਂ ਪੁਲਿਸ ਨੂੰ ਪੈਸੇ ਦਵਾ ਕੇ ਪੁਲਿਸ ਖ਼ਿਲਾਫ਼ ਖ਼ੁਦ ਕਾਰਵਾਈ ਕਰਵਾਉਂਦਾ ਹੈ। ਇਸ ਤਰ੍ਹਾਂ ਉਹ ਪੁਲਿਸ ਵਾਲਿਆਂ ਨੂੰ ਬਲੈਕਮੇਲ ਕਰਦਾ ਹੈ। ਜੂਨ 2022 ਵਿਚ ਚਿੱਟਾ ਵੇਚਣ ਵਾਲਿਆ ਦੇ ਕਹਿਣ ਉਤੇ ਵਿਜੀਲੈਂਸ ਨੂੰ ਸਿਫਾਰਿਸ਼ ਕਰਕੇ ਇਕ ਹੌਲਦਾਰ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾ ਨੇ ਦੋਵੇਂ ਵਿਧਾਇਕਾਂ ਖ਼ਿਲਾਫ਼ ਉੱਚ ਪੱਧਰੀ ਜਾਂਚ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਡੇਰਾ ਸਮਰਥਕਾਂ ਨਾਲ ਕੀਤੀ ਖ਼ਾਸ ਮੁਲਾਕਾਤ
ਸ਼ਿਕਾਇਤ ਮਿਲਣ ਮਗਰੋਂ ਮੁੱਖ ਮੰਤਰੀ ਦਫ਼ਤਰ ਨੇ ਸੰਸਦੀ ਦਫ਼ਤਰ ਦੇ ਵਿਭਾਗ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਸ਼ਿਕਾਇਤਕਰਤਾ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ ਕਰਨ ਦੇ ਫ਼ੈਸਲੇ ਦੀ ਕਾਪੀ ਵੀ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਵੀ ਇਸ ਮਾਮਲੇ 'ਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਇਸ 'ਚ ਟਰੱਕ ਯੂਨੀਅਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਰਿਪੋਰਟ-ਰਵਿੰਦਰ ਮੀਤ
- PTC NEWS