Tue, Oct 22, 2024
Whatsapp

ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਪਾਰਟੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਛੇਤੀ ਹੀ ਮਿਲ ਕੇ ਉਹਨਾਂ ਨੂੰ ਹਾਲਾਤ ਤੋਂ ਜਾਣੂ ਕਰਵਾਏਗਾ।

Reported by:  PTC News Desk  Edited by:  Amritpal Singh -- October 22nd 2024 05:27 PM
ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਇਸ ਲਈ ਖੱਜਲ ਖੁਆਰ ਹੋਣਾ ਪੈ ਰਿਹੈ ਕਿਉਂਕਿ ਉਹਨਾਂ ਨੇ ਮੁੱਖ ਮੰਤਰੀ ਦੀ ਅਪੀਲ ਸਵੀਕਾਰ ਕਰਦਿਆਂ ਪੀ ਆਰ 126 ਵਰਗੀ ਕਿਸਮ ਦੇ ਝੋਨੇ ਦੀ ਬਿਜਾਈ ਕੀਤੀ ਜਿਸਦੀ ਹੁਣ ਖਰੀਦ ਨਹੀਂ ਕੀਤੀ ਜਾ ਰਹੀ।

ਇਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਖਰੀਦ ਵਿਚ ਨਾਕਾਮੀ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਲਈ ਉਹਨਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।


ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਪਾਰਟੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਛੇਤੀ ਹੀ ਮਿਲ ਕੇ ਉਹਨਾਂ ਨੂੰ ਹਾਲਾਤ ਤੋਂ ਜਾਣੂ ਕਰਵਾਏਗਾ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਜਿਸ ਤਰੀਕੇ ਕਿਸਾਨਾਂ ਨੂੰ ਆਪਣੀ ਜਿਣਸ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਇਸ ਵਿਚ ਆਪ ਦੇ ਅਹੁਦੇਦਾਰਾਂ ਤੇ ਪ੍ਰਾਈਵੇਟ ਵਪਾਰੀਆਂ ਦੀ ਜੋ ਭੂਮਿਕਾ ਹੈ, ਉਸਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਣੀ ਦੀ ਬੱਚਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਪਰ ਹੁਣ ਮਾਰਕਫੈਡ, ਪਨਗ੍ਰੇਨ ਤੇ ਪਨਸਪ ਸਮੇਤ ਸਰਕਾਰੀ ਏਜੰਸੀਆਂ ਝੋਨੇ ਦੀਆਂ ਇਹਨਾਂ ਕਿਸਮਾਂ ਦੀ ਖਰੀਦ ਨਹੀਂ ਕਰ ਰਹੀਆਂ ਜਿਸ ਕਾਰਣ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਨੇਕਾਂ ਕਿਸਾਨਾਂ ਨਾਲ ਆਪ ਦੇ ਅਹੁਦੇਦਾਰਾਂ ਤੇ ਪ੍ਰਾਈਵੇਟ ਵਪਾਰੀਆਂ ਨੇ ਠੱਗੀ ਮਾਰੀ ਹੈ ਤੇ ਉਹਨਾਂ ਨੇ ਕਿਸਾਨਾਂ ਨੂੰ ਐਮ ਐਸ ਪੀ ਨਾਲੋਂ 300 ਤੋਂ 400 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ ਕੀਤਾ ਹੈ।

ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਤਾਂ ਹੋਰ ਵੀ ਵੱਡੀ ਮਾਰ ਪੈ ਰਹੀ ਹੈ। ਉਹਨਾਂ ਕਿਹਾ ਕਿ ਮੰਡੀਆਂ ਵਿਚ ਬਾਸਮਤੀ 2700 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ ਜਦੋਂ ਕਿ ਪਿਛਲੇ ਸਾਲ ਇਹ 4 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਵਿਕ ਰਹੀ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਤੋਂ 30 ਹਜ਼ਾਰ ਰੁਪਏ ਦਾ ਘਾਟਾ ਝੱਲਣਾ ਪੈ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੇ ਬਚਾਅ ਵਾਸਤੇ ਦਖਲ ਨਹੀਂ ਦੇ ਰਹੀ।

ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਦਾ ਕੋਈ ਵੀ ਮੰਤਰੀ ਮੰਡੀਆਂ ਵਿਚ ਨਹੀਂ ਆਇਆ ਤੇ ਉਹਨਾਂ ਨੇ ਬਾਰਦਾਨੇ ਦੀ ਘਾਟ, ਖਰੀਦ ਦੀ ਸੁਸਤ ਰਫਤਾਰ ਤੇ ਅਗਲੀ ਫਸਲ ਬੀਜਣ ਵਾਸਤੇ ਡੀ ਏ ਪੀ ਦੀ ਘਾਟ ਵਰਗੇ ਮਾਮਲਿਆਂ ਦਾ ਹੱਲ ਨਹੀਂ ਕੱਢਿਆ।

ਮਜੀਠੀਆ ਨੇ ਇਹ ਵੀ ਦੱਸਿਆ ਕਿ ਕੋਰ ਕਮੇਟੀ ਨੇ ਨਵੇਂ ਪੰਥ ਵਿਰੋਧੀ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੇ ਗਠਜੋੜ ਦਾ ਵੀ ਗੰਭੀਰ ਨੋਟਿਸ ਲਿਆ ਜਿਸਦਾ ਇਕਲੌਤਾ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ। ਉਹਨਾਂ ਕਿਹਾ ਕਿ ਕੋਰ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਅਹੁਦੇਦਾਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਅਫਸਰ ਆਪ ਸਰਕਾਰ ਦੇ ਹੁਕਮਾਂ ’ਤੇ ਉਹਨਾਂ ਕੋਲ ਪਹੁੰਚ ਕਰ ਕੇ ਉਹਨਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਵਾਸਤੇ ਆਖ ਰਹੇ ਹਨ।

ਮਜੀਠੀਆ ਨੇ ਕਿਹਾ ਕਿ ਸੁਧਾਰ ਲਹਿਰ ਧੜੇ ਨੂੰ ਅਨੇਕਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਹਨਾਂ ਕਿਹਾ ਕਿ ਸੁਧਾਰ ਲਹਿਰ ਨੇ ਹਰਿਆਣਾ ਚੋਣਾਂ ਵਿਚ ਆਪ ਤੇ ਭਾਜਪਾ ਦਾ ਸਾਥ ਦਿੱਤਾ ਤੇ ਜੰਮੂ-ਕਸ਼ਮੀਰ ‌ਵਿਚ ਵੀ ਭਾਜਪਾ ਲਈ ਪ੍ਰਚਾਰ ਕੀਤਾ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ  ਸਿੰਘ ਸੈਣੀ ਨੇ ਤਾਂ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਹਰਿਆਣਾ ਵਿਚ ਭਾਜਪਾ ਦੀ ਹਮਾਇਤ ਕਰਨ ਲਈ ਉਸਦਾ ਧੰਨਵਾਦ ਵੀ ਕੀਤਾ ਹੈ। ਉਹਨਾਂ ਕਿਹਾ ਕਿ ਸੁਧਾਰ ਲਹਿਰ ਤੇ ਬੀਬੀ ਜਗੀਰ ਕੌਰ ਸਪਸ਼ਟ ਕਰਨ ਕਿ ਕੀ ਉਹ ਵੀ ਇਸ ਦੇ ਹਮਾਇਤੀ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀਬੀ ਜਗੀਰ ਕੌਰ ਇਹ ਵੀ ਦੱਸਣ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਖਿਲਾਫ ਗੰਭੀਰ ਦੋਸ਼ਾਂ ਦੀ ਜਾਂਚ ਵਿਚਾਰ ਅਧੀਨ ਹੈ ਤਾਂ ਉਹ ਚੋਣ ਲੜ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ?

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਆਉਂਦੀਆਂ ਜ਼ਿਮਨੀ ਚੋਣਾਂ ਲੜੇਗਾ ਜਾਂ ਨਹੀਂ ਤਾਂ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਅਫਵਾਹਾਂ ’ਤੇ ਵਿਸਾਹ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਇਸ ਮਾਮਲੇ ’ਤੇ ਸਥਿਤੀ ਸਪਸ਼ਟ ਕਰ ਦੇਵੇਗਾ। ਉਹਨਾਂ ਕਿਹਾ ਕਿ ਸੁਧਾਰ ਲਹਿਰ ਭਾਜਪਾ ਨਾਲ ਸਮਝੌਤੇ ਤਹਿਤ ਜ਼ਿਮਨੀ ਚੋਣਾਂ ਨਹੀਂ ਲੜ ਰਿਹਾ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਸਦੀ ਮਦਦ ਦਾ ਭਰੋਸਾ ਦੁਆਇਆ ਹੈ ਜਿਸਦੇ ਬਦਲੇ ਵਿਚ ਜ਼ਿਮਨੀ ਚੋਣਾਂ ਵਿਚ ਇਹਨਾਂ ਦੀ ਮਦਦ ਮੰਗੀ ਹੈ।

- PTC NEWS

Top News view more...

Latest News view more...

PTC NETWORK