ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜਮੇਲ ਸ਼ੁਰੂ, ਆਖੰਡ ਪਾਠ ਹੋਏ ਆਰੰਭ
Shaheedi Jor Mela 2022 : ਚਮਕੌਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸ਼ੁਰੂ ਹੋ ਗਏ ਹਨ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸ਼ਹੀਦ ਪੰਦਰਵਾੜੇ ਦੇ ਚੱਲਦਿਆਂ ਸੰਗਤ ਨੇ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਮਨ ਕੀਤਾ।
ਸੰਗਤ ਦੀ ਸਹੂਲਤ ਲਈ ਥਾਂ-ਥਾਂ ਉਤੇ ਲੰਗਰ ਲਾਏ ਗਏ ਹਨ। ਪ੍ਰਸ਼ਾਸਨ ਵੱਲੋਂ ਆਵਾਜਾਈ ਸਹੀ ਰੱਖਣ ਲਈ ਬਹੁਤ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ।
ਵੱਡੀ ਗਿਣਤੀ ਵਿਚ ਸੰਗਤ ਦੇ ਪੁੱਜਣ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤਾਂ ਦੇ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।
ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋੜ ਮੇਲ ਦੌਰਾਨ ਇਕ ਐਸਪੀ, ਚਾਰ ਡੀਐਸਪੀ, 15 ਇੰਸਪੈਕਟਰਾਂ ਸਣੇ 350 ਹੋਰ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਜਦੋਂਕਿ ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲਿਸ ਮੁਲਾਜ਼ਮ ਡਿਊਟੀ ਦੇਣਗੇ। ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ਉਤੇ ਬੈਰੀਕੇਡ ਲਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਰਸਤਿਆਂ ਉਤੇ ਸ਼ਰਧਾਲੂ ਸਿਰਫ ਪੈਦਲ ਹੀ ਆ-ਜਾ ਸਕਣਗੇ।
ਇਹ ਵੀ ਪੜ੍ਹੋ : ਧੁੰਦ ਤੇ ਠੰਢ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸ੍ਰੀ ਦਰਬਾਰ ਸਾਹਿਬ ਵਿਖੇ ਉਮੜੀ ਸੰਗਤ
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਸਾਰੇ ਗੁਰਦੁਆਰਾ ਸਾਹਿਬਾਨ ਵਿਚ ਮਿੱਠੇ ਪਕਵਾਨ ਨਹੀਂ ਬਣਨਗੇ। ਸਾਦੇ ਲੰਗਰ ਤਿਆਰ ਕਰਕੇ ਸੰਗਤ ਨੂੰ ਛਕਾਏ ਜਾਣਗੇ।
- PTC NEWS