Film Emergency Controversy : ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਵਾਦ, ਫਿਲਮ ‘ਤੇ ਬੈਨ ਲਗਾਉਣ ਦੀ ਮੰਗ
Film Emergency Controversy : ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ (Emergency) ਵਿਵਾਦਾਂ ਵਿੱਚ ਘਿਰੀ ਹੋਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਗਾਈ ਗਈ ਐਮਰਜੈਂਸੀ 'ਤੇ ਬਣੀ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।
ਫਿਲਮ ਨਫਰਤ ਫੈਲਾਏਗੀ
ਇਸ ਮਾਮਲੇ ਸਬੰਧੀ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ 'ਤੇ ਨਫ਼ਰਤੀ ਹਮਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੇ 'ਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਹੋਰ ਫੈਲਾਏਗੀ। ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ, ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਿਲਮ ਉੱਤੇ ਲੱਗੇ ਰੋਕ
ਉਹਨਾਂ ਨੇ ਕਿਹਾ ਕਿ ਇਸ ਫਿਲਮ ਦਾ ਟ੍ਰੇਲਰ ਹੀ ਵਿਵਾਦ ਪੂਰਨ ਹੈ। ਉਹਨਾਂ ਨੇ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਇਤਿਹਾਸ ਦਿਖਾਇਆ ਜਾਵੇ, ਪਰ ਸੱਚਾਈ ਨੂੰ ਲੁਕਾਇਆ ਨਾ ਜਾਵੇ। ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਮਾੜਾ ਦਿਖਾਇਆ ਗਿਆ ਹੈ, ਜੋ ਕਿ ਸਰਾਸਰ ਗਲਤ ਹੈ। ਉਹਨਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਇਸ ਫਿਲਮ ਵਿੱਚ ਜੋ ਕਿਰਦਾਰ ਦਿਖਾਇਆ ਗਿਆ ਹੈ, ਉਹ ਵੀ ਗਲਤ ਦਿਖਾਇਆ ਜਾ ਰਿਹਾ ਹੈ ਤੇ ਇਸ ਫਿਲਮ ਉੱਤੇ ਰੋਕ ਲੱਗਣੀ ਚਾਹੀਦੀ ਹੈ। ਇਹ ਫਿਲਮ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਵੱਲ ਸਰਕਾਰ ਨੂੰ ਪਹਿਲਾਂ ਹੀ ਧਿਆਨ ਦੇਣਾ ਚਾਹੀਦਾ ਹੈ ਅਤੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਪ੍ਰਤੀ ਨਫਰਤ ਨੂੰ ਭੜਕਾਉਣਾ ਬੰਦ ਕਰਨਾ ਚਾਹੀਦਾ ਹੈ।
ਸੰਸਦ ਵਿੱਚ ਵੀ ਚੁੱਕਿਆ ਮੁੱਦਾ
ਇਸ ਤੋਂ ਪਹਿਲਾਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਫਿਲਮ ਦੇ ਟ੍ਰੇਲਰ 'ਚ ਦਿਖਾਏ ਗਏ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਸਰਬਜੀਤ ਸਿੰਘ ਖਾਲਸਾ ਨੇ ਕਿਹਾ, ‘ਨਵੀਂ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀਆਂ ਖਬਰਾਂ ਹਨ, ਜਿਸ ਕਾਰਨ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਿਖਾਇਆ ਗਿਆ ਹੈ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ। ਦੱਸ ਦਈਏ ਕਿ ਸਰਬਜੀਤ ਸਿੰਘ ਖਾਲਸਾ ਬੇਅੰਤ ਸਿੰਘ ਦਾ ਪੁੱਤਰ ਹੈ। ਬੇਅੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਵਿੱਚ ਸ਼ਾਮਲ ਸਨ।
ਫਿਲਮ 'ਚ ਅੱਤਵਾਦ ਦਾ ਦੌਰ ਦਿਖਾਇਆ
ਅਦਾਕਾਰਾ ਕੰਗਨਾ ਰਣੌਤ ਦੀ ਇਸ ਫਿਲਮ ਦਾ ਟ੍ਰੇਲਰ ਕੁਝ ਦਿਨਾ ਪਹਿਲਾਂ ਹੀ ਰਿਲੀਜ਼ ਕੀਤਾ ਗਿਆ ਹੈ। ਜਿਸ ਵਿੱਚ 1980 ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ। ਇਸ ਵਿੱਚ ਇੱਕ ਪਾਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਵੀ ਬਣਾਇਆ ਗਿਆ ਹੈ, ਜਿਸ ਨੂੰ ਕੱਟੜਪੰਥੀ ਸਿੱਖ ਸੰਤ ਵਜੋਂ ਦੇਖਿਆ ਜਾਂਦਾ ਹੈ। ਸਰਬਜੀਤ ਖਾਲਸਾ ਦਾ ਮੰਨਣਾ ਹੈ ਕਿ ਇਸ ਫਿਲਮ ਵਿੱਚ ਬਲਿਊ ਸਟਾਰ ਅਪਰੇਸ਼ਨ ਬਾਰੇ ਵੀ ਫਿਲਮਾਇਆ ਗਿਆ ਹੈ, ਜੋ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਹੀ ਸ਼ੁਰੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Badlapur Physical Assault Case : ਸਕੂਲ 'ਚ ਵਿਦਿਆਰਥਣਾਂ ਦੇ ਯੌਨ ਸ਼ੋਸ਼ਣ ਤੋਂ ਬਾਅਦ ਬਦਲਾਪੁਰ 'ਚ ਜ਼ੋਰਦਾਰ ਪ੍ਰਦਰਸ਼ਨ, ਰੇਲ ਸੇਵਾ ਠੱਪ
- PTC NEWS