Punjab Government ਦੇ ਬਜਟ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ’ਤੇ ਵਿਰੋਧ, ਸਾੜੀਆਂ ਬਜਟ ਦੀਆਂ ਕਾਪੀਆਂ
Punjab Government Budget : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਮੁਲਾਜ਼ਮ ਅਤੇ ਲੋਕ ਵਿਰੋਧੀ ਬਜਟ ਦੀਆਂ ਫ਼ਿਲੌਰ ਦੇ ਵੱਖ ਵੱਖ ਸਕੂਲਾਂ ਵਿੱਚ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਆਖਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾ ਨਾਲ ਧੋਖਾ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਜ਼ਮਾਂ ਪੁਰਾਣੀ ਪੈਂਨਸ਼ਨ ਬਹਾਲ ਕਰਨ, ਪੰਜਾਬ ਦੀਆਂ ਆਸ਼ਾ ਅਤੇ ਮਿਡ ਡੇ ਮੀਲ ਤੇ ਵਰਕਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ, ਐਨ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਤਹਿ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਮੁੜ ਬਹਾਲ ਕਰਨ, ਡੀ.ਏ. ਨੂੰ ਕੇਂਦਰ ਨਾਲ ਲਿੰਕ ਕਰਕੇ ਰਹਿੰਦੇ ਸਾਰੇ ਬਕਾਇਆਂ ਦਾ ਭੁਗਤਾਨ ਕਰਨ, ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਾਰੇ ਬਕਾਏ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ, 17-07-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲਾਂ ਨਾਲ ਜੋੜਨ, ਮੁਲਾਜ਼ਮਾਂ ਦੇ ਪਰਖ ਸਮੇਂ ਸਬੰਧੀ 15-01-15 ਦੇ ਪੱਤਰ ਨੂੰ ਰੱਦ ਕਰਕੇ ਪਰਖ ਸਮਾਂ 2 ਸਾਲ ਕਰਨ ਅਤੇ ਵਿਕਾਸ ਕਰ ਦੇ ਨਾਮ ਹੇਠ ਪ੍ਰਤੀ ਮਹੀਨਾ 200 ਰੁਪਏ ਜਜੀਏ ਨੂੰ ਰੱਦ ਕਰਨ ਦੀਆਂ ਚੋਣ ਗਾਰੰਟੀਆਂ ਦਿੱਤੀਆਂ ਗਈਆਂ ਸਨ ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਚੌਥੇ ਬਜਟ ਵਿੱਚ ਵੀ ਇਹਨਾ ਗਾਰੰਟੀਆਂ ਬਾਰੇ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ।
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਮੁਲਾਜਮਾਂ ਨਾਲ ਗੱਲ ਬਾਤ ਕਰਕੇ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਲੇਖ ਰਾਜ ਪੰਜਾਬੀ, ਸਰਬਜੀਤ ਢੇਸੀ, ਅਮਨਦੀਪ, ਪਰਮਜੀਤ ਸੁੰਨਤ, ਰੋਹਿਤ ਸੋਬਤੀ, ਆਰਤੀ, ਹਰਵਿੰਦਰ ਕੌਰ, ਹਰਦੀਪ ਕੌਰ, ਸਰੋਜ ਰਾਣੀ, ਰੀਨਾ ਰਾਣੀ, ਪੁਸ਼ਪਿੰਦਰ ਕੌਰ, ਸਵਰਨਜੀਤ ਕੌਰ, ਰੇਸ਼ਮਾ ਰਾਣੀ, ਕਮਲਜੀਤ ਕੌਰ, ਬਲਜੀਤ ਕੌਰ, ਮਨਜੀਤ ਕੌਰ, ਆਦਿ ਹਾਜ਼ਰ ਸਨ।
- PTC NEWS