ਪਟਿਆਲਾ 13 ਜਨਵਰੀ (ਗਗਨਦੀਪ ਸਿੰਘ ਅਹੂਜਾ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਰਸ਼ਨ ਸਿੰਘ ਧਾਲੀਵਾਲ ਨੂੰ ਪਰਵਾਸੀ ਭਾਰਤੀ ਸਨਮਾਨ ਮਿਲਣ ਦੇ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬਾਪੂ ਕਰਤਾਰ ਸਿੰਘ ਧਾਲੀਵਾਲ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਦਰਸ਼ਨ ਸਿੰਘ ਧਾਲੀਵਾਲ ਨੇ ਦੇਸ਼-ਵਿਦੇਸ਼ ’ਚ ਜਿਥੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਸਮਾਜ ਸੇਵਾ ਦੇ ਖੇਤਰ ਵਿਚ ਹਮੇਸ਼ਾ ਕਾਰਜਸ਼ੀਲ ਹਨ ਅਤੇ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਨੇ ਪਰਵਾਸੀ ਭਾਰਤੀ ਸਨਮਾਨ ਨਾਲ ਸਨਮਾਨਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਦਰਸ਼ਨ ਸਿੰਘ ਧਾਲੀਵਾਲ ਨੇ ਕਿਸਾਨ ਭਰਾਵਾਂ ਲਈ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਸੰਘਰਸ਼ ਦੌਰਾਨ ਕਿਸੇ ਵੀ ਤਰ੍ਹਾਂ ਦੀ ਘਾਟ ਕਿਸਾਨ ਭਰਾਵਾਂ ਨੂੰ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਜੁੜਿਆ ਰਹਿਣ ਵਾਲਾ ਰੱਖੜਾ ਪਰਿਵਾਰ ਹਮੇਸ਼ਾ ਹੀ ਕਿਸਾਨ ਹਿੱਤਾਂ ਪ੍ਰਤੀ ਸੁਹਿਰਦ ਰਿਹਾ ਅਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਵੀ ਹੈ।