ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਕਾਲੀ ਦਲ ਦੇ ਵਫਦ ਨੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਅਤੇ ਹਰਿਆਣਾ ਦੀ ਅਪੀਲ ਨੂੰ ਤੁਰੰਤ ਰੱਦ ਕੀਤਾ ਜਾਵੇ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਨ੍ਹਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾ ਸਕਦਾ ਹੈ।
ਬਲਵਿੰਦਰ ਸਿੰਘ ਭੂੰਦੜ ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲ ਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।
ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀ ਵੀ ਦਿੱਤੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰ ਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ।
ਵਫਦ ਨੇ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਮੁੱਖ ਮੰਤਰੀ ਤੇ ਉਹਨਾਂ ਦੀ ਵਜ਼ਾਰਤ ਪਿਛਲੇ ਦੋ ਮਹੀਨਿਆਂ ਤੋਂ ਗੁਜਰਾਤ ਵਿਚ ਚੋਣ ਪ੍ਰਚਾਰ ਵਿ ਲੱਗੀ ਹੈ ਤੇ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਹੋ ਰਹੀਆਂ ਤੇ ਹਾਲਾਤ ਲਗਾਤਾਰ ਵਿਗੜ ਰਹੇ ਹਨ।
ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈਅਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ।
- PTC NEWS