ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ 'ਆਪ' ਵਿਧਾਇਕ ਦੇ ਘਰ ਅੱਗੇ ਧਰਨਾ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਬਠਿੰਡਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਤੇ ਨੁਮਾਇੰਦਿਆਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਬਠਿੰਡਾ ਵਿਖੇ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਅੱਗੇ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਮੰਗਾਂ ਪੂਰੀਆਂ ਨਾ ਕਰਨ ਉਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਦਲਾਅ ਦੇ ਨਾਮ ਉਤੇ ਸੱਤਾ 'ਚ ਆਈ ਸੀ ਤੇ ਚੋਣਾਂ ਤੋਂ ਪਹਿਲਾਂ ਆਪ ਆਗੂ ਕਹਿੰਦੇ ਸਨ ਕਿ ਕਿਸੇ ਨੂੰ ਧਰਨਾ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਕਈ ਮਹੀਨੇ ਤੋਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁੱਖ ਮੰਤਰੀ ਨੇ ਕਈ ਵਾਰ ਸਮਾਂ ਦੇ ਕੇ ਉਨ੍ਹਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੈਗੂਲਰ ਭਰਤੀ ਕਰਨ ਦੇ ਨਾਮ ਉਤੇ ਆਊਟਸੋਰਸ ਕੰਮ ਕਰ ਰਹੇ ਮੁਲਾਜ਼ਮਾਂ ਦੀ ਛਾਂਟੀ ਕਰਕੇ ਉਥੇ ਪੱਕੀ ਭਰਤੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਵੇਰਕਾ ਵਿੱਚ ਵੀ ਨਵੀਂ ਭਰਤੀ ਕਰਕੇ ਆਊਟਸੋਰਸ ਮੁਲਾਜ਼ਮਾਂ ਦੀ ਛਾਂਟੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਊਟਸੋਰਸ ਖ਼ਤਮ ਕਰਨ ਦੀ ਬਜਾਏ ਆਊਟਸੋਰਸ ਮੁਲਾਜ਼ਮਾਂ ਨੂੰ ਖ਼ਤਮ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ 'ਤੇ 'ਦੱਤਾ' ਦੀ ਥਾਂ ਲਿਖਿਆ 'ਕੁੱਤਾ', ਅਧਿਕਾਰੀਆਂ ਨੂੰ ਲੱਗਾ 'ਭੌਂਕਣ', ਦੇਖੋ ਵੀਡੀਓ
ਉਨ੍ਹਾਂ ਕਿਹਾ ਕਿ ਪੰਜਾਬ ਦਾ ਅਜੇ ਤੱਕ ਇਕ ਵੀ ਆਊਟਸੋਰਸ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਜਲਦ ਤਿੱਖਾ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਨੇ ਅੱਗੇ ਕਿ ਕਿਹਾ ਕਿ 24 ਤਰੀਕ ਨੂੰ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
- PTC NEWS