ਅੰਮ੍ਰਿਤਸਰ 'ਚ ਡਾ. ਅੰਬੇਦਕਰ ਦੇ ਬੁੱਤ ਤੋੜਨ ਦੀ ਘਟਨਾ, ਅਮਿਤ ਸ਼ਾਹ ਦੇ ਬੋਲਾਂ ਦਾ ਨਤੀਜਾ : MP ਚੰਨੀ
Dr. Ambedkar Statue News : ਅੰਮ੍ਰਿਤਸਰ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੇ ਅਪਮਾਨ ਦੀ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਡਾ. ਚਰਨਜੀਤ ਸਿੰਘ ਚੰਨੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੋਲਾਂ ਦਾ ਨਤੀਜਾ ਹੈ, ਜਿਸ ਕਾਰਨ ਘਟਨਾ ਵਾਪਰੀ ਹੈ।
ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚੰਨੀ ਨੇ ਜਿੱਥੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ, ਉਥੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ਨੂੰ ਇਸਦਾ ਕਾਰਨ ਦੱਸਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਉ ਅੰਬੇਡਕਰ ਦੀਆਂ ਫੋਟੋਆਂ ਲਗਾ ਕੇ ਵੋਟਾਂ ਤਾ ਬਟੋਰਦੀ ਹੈ ਪਰ ਨਾ ਤਾਂ ਉਨ੍ਹਾਂ ਦੀ ਸੋਚ 'ਤੇ ਕੰਮ ਕਰਦੀ ਹੈ ਤੇ ਨਾ ਹੀ ਉਨ੍ਹਾਂ ਦੇ ਬੁੱਤਾਂ ਦੀ ਰਾਖੀ ਹੀ ਕਰਦੀ ਹੈ।
ਚੰਨੀ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੋ ਪਾਰਲੀਮੈਂਟ 'ਚ ਬੋਲਿਆ ਹੈ ਇਹ ਉਸਦਾ ਹੀ ਨਤੀਜਾ ਹੈ ਕਿ ਐਤਵਾਰ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ 'ਚ ਡਾ. ਭੀਮ ਰਾਉ ਅੰਬੇਡਕਰ ਜੀ ਦੇ ਬੁੱਤ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਾਜਿਸ਼ ਦੇ ਪਿੱਛੇ ਕਿਹੜੇ ਲੋਕਾਂ ਬਾਰੇ ਪਤਾ ਕਰਨ ਦੀ ਲੋੜ ਹੈ ਅਤੇ ਉਨ੍ਹਾਂ ਦੀ ਮਨਸ਼ਾ ਸਾਹਮਣੇ ਲਿਆਉਣ ਦੀ ਵੀ ਜ਼ਰੂਰਤ ਹੈ।
- PTC NEWS