ਚੰਡੀਗੜ੍ਹ: ਹਰਿਆਣਾ ਦੇ ਸਰਪੰਚਾਂ ਨੇ ਈ-ਟੈਂਡਰਿੰਗ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਧਰਨਾਕਾਰੀ ਸਰਪੰਚਾਂ ਨੂੰ ਬੈਰੀਕੇਡ ਲਾ ਕੇ ਰਸਤੇ ਵਿੱਚ ਹੀ ਰੋਕ ਲਿਆ ਪਰ ਸਰਪੰਚਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਸਰਪੰਚਾਂ ਦੀ ਪੁਲਿਸ ਨਾਲ ਝੜਪ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸਰਪੰਚਾਂ 'ਤੇ ਹਲਕਾ ਲਾਠੀਚਾਰਜ ਕੀਤਾ। ਸਰਪੰਚਾਂ ਵੱਲੋਂ ਚੰਡੀਗੜ੍ਹ ਪੁਲੀਸ ਦਾ ਬੈਰੀਕੇਡ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਰਪੰਚਾਂ ਦੇ ਰੋਹ ਨੂੰ ਦੇਖਦਿਆਂ ਮੁੱਖ ਮੰਤਰੀ ਮਨੋਹਰ ਲਾਲ ਦੇ ਓਐਸਡੀ ਭੁਪੇਸ਼ਵਰ ਦਿਆਲ ਗੱਲਬਾਤ ਲਈ ਹਾਊਸਿੰਗ ਬੋਰਡ ਚੌਕ ਪੁੱਜੇ। ਉਨ੍ਹਾਂ ਇੱਥੇ ਹਰਿਆਣਾ ਸਰਪੰਚ ਐਸੋਸੀਏਸ਼ਨ ਦੇ ਵਫ਼ਦ ਨਾਲ ਗੱਲਬਾਤ ਕੀਤੀ ਪਰ ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਸਰਪੰਚਾਂ ਦਾ ਵਫ਼ਦ ਇਸ ਗੱਲ 'ਤੇ ਅੜੇ ਹੋਇਆ ਹੈ ਕਿ ਉਹ ਮੁੱਖ ਮੰਤਰੀ ਨਾਲ ਗੱਲ ਕੀਤੇ ਬਿਨਾਂ ਇੱਥੋਂ ਵਾਪਸ ਨਹੀਂ ਪਰਤਣਗੇ। ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਨੇ ਸਰਪੰਚਾਂ ਨੂੰ ਸੜਕ ’ਤੇ ਉਤਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਦਵਿੰਦਰ ਬਬਲੀ ਇਸ ਸਬੰਧੀ ਗੱਲਬਾਤ ਕਰਨਗੇ। ਇਸ ਮੀਟਿੰਗ ਤੋਂ ਬਾਅਦ ਇੱਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ। ਸਰਪੰਚਾਂ ਨੇ ਪੁਲੀਸ ’ਤੇ ਪਥਰਾਅ ਕੀਤਾ।