ਪੀਸੀਐਸ ਅਫਸਰਾਂ ਦੀ ਸਮੂਹਿਕ ਛੁੱਟੀ ਕਾਰਨ ਕੰਮਕਾਜ ਠੱਪ ; ਹੋਰਨਾਂ ਜਥੇਬੰਦੀਆਂ ਵੱਲੋਂ ਵੀ ਸਮਰਥਨ
ਚੰਡੀਗੜ੍ਹ : ਪੀਸੀਐਸ ਅਫਸਰਾਂ ਵੱਲੋਂ ਸਮੂਹਿਕ ਛੁੱਟੀ ਕਾਰਨ ਦਫਤਰਾਂ ਵਿਚ ਕੰਮਕਾਜ ਲਗਭਗ ਠੱਪ ਰਿਹਾ। ਦਫ਼ਤਰ ਬਿਲਕੁਲ ਸੁੰਨਸਾਨ ਨਜ਼ਰ ਆਏ। ਪੀਸੀਐਸ ਅਫ਼ਸਰਾਂ ਦੇ ਸਮੂਹਿਕ ਛੁੱਟੀ ਉਤੇ ਜਾਣ ਨਾਲ ਲੋਕਾਂ ਦੀ ਖੱਜਲ-ਖੁਆਰੀ ਹੋਈ ਤੇ ਬਹੁਤ ਸਾਰੇ ਲੋਕ ਬਿਨਾਂ ਕੰਮ ਕਰਵਾਏ ਵਾਪਸ ਜਾਂਦੇ ਦੇਖੇ ਗਏ।
ਵਿਜੀਲੈਂਸ ਬਿਊਰੋ ਵੱਲੋਂ ਆਰਟੀਏ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੀਸੀਐਸ ਐਸੋਸੀਏਸ਼ਨ ਵੱਲੋਂ ਵਿਰੋਧ ਜ਼ਾਹਿਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਭਰ ਵਿਚ ਪੀਸੀਐਸ ਅਧਿਕਾਰੀ ਕੱਲ੍ਹ ਤੋਂ 5 ਦਿਨਾਂ ਦੇ ਲਈ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਸੀ।
ਦੱਸ ਦਈਏ ਕਿ ਅੰਮ੍ਰਿਤਸਰ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਨੇ ਵੀ ਇਕ ਹਫ਼ਤੇ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੰਜਾਬ ਰੈਵਿਨਊ ਆਫ਼ਿਸਰਜ਼ ਐਸੋਸੀਏਸ਼ਨ ਵੀ 5 ਦਿਨਾਂ ਦੀ ਸਮੂਹਿਕ ਛੁੱਟੀ ’ਤੇ ਚਲੇ ਗਏ ਹਨ।
ਮਾਲ ਅਫ਼ਸਰਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਵਾਹ-ਵਾਹ ਖੱਟਣ ਲਈ ਸਰਕਾਰ ਦੀਆਂ ਹਦਾਇਤਾਂ ਨੂੰ ਨਜ਼ਰ ਅੰਦਾਜ਼ ਕਰਕੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪੀਸੀਐੱਸ ਅਧਿਕਾਰੀ ਤੇ ਆਈਏਐੱਸ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਪੂਰੀ ਤਰ੍ਹਾਂ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸੂਬੇ ’ਚ ਮਾਲ ਮਹਿਕਮੇ ਦੀ ਹੜਤਾਲ ਕਾਰਨ ਲੱਖਾਂ ਲੋਕਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।
- PTC NEWS