ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਹੋਣਗੀਆਂ ਹੋਰ ਮਜ਼ਬੂਤ : ਡਾ. ਬਲਬੀਰ ਸਿੰਘ
ਪਟਿਆਲਾ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ਼ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਸਿਹਤ ਮੰਤਰੀ ਬਣਨ ਮਗਰੋਂ ਅੱਜ ਪਹਿਲੀ ਵਾਰ ਆਪਣੇ ਸ਼ਹਿਰ ਪਟਿਆਲਾ ਪੁੱਜੇ ਡਾ. ਬਲਬੀਰ ਸਿੰਘ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਸੂਬਾ ਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਇੱਥੇ ਸਰਕਟ ਹਾਊਸ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਬਾਜ਼ੀਗਰ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਵਾਗਤ ਕੀਤਾ। ਜਦਕਿ ਪਟਿਆਲਾ ਪੁਲਿਸ ਦੀ ਟੁਕੜੀ ਨੇ ਡਾ. ਬਲਬੀਰ ਸਿੰਘ ਨੂੰ ਸਲਾਮੀ ਦਿੱਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਸਿਹਤ ਮਹਿਕਮਾ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੀ ਵਿਸ਼ੇਸ਼ ਕਾਰਜ ਯੋਜਨਾ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ, ਕਿਉਂਕਿ ਨਸ਼ੇ ਸੇਵਨ ਕਰਨਾ ਮੈਂਟਲ ਹੈਲਥ ਨਾਲ ਸਬੰਧਤ ਤੇ ਨਸ਼ਾ ਤਸਕਰੀ ਪੁਲਿਸ ਨਾਲ ਸਬੰਧਤ ਸਮੱਸਿਆ ਹੈ, ਇਸ ਲਈ ਦੋਵੇਂ ਵਿਭਾਗ ਮਿਲਕੇ ਕੰਮ ਕਰਨਗੇ।
ਡਾ. ਬਲਬੀਰ ਸਿੰਘ ਨੇ ਪਾਰਟੀ ਹਾਈ ਕਮਾਂਡ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ 'ਤੇ ਖਰ੍ਹਾ ਉਤਰਨਗੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਰਪਣ ਭਾਵਨਾ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਉਲੀਕੀਆਂ ਯੋਜਨਾਵਾਂ ਤਹਿਤ ਸਿਹਤ ਮਹਿਕਮੇ ਵਿੱਚ ਵੀ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਤੇ ਲੋਕ ਭਲਾਈ ਹਿੱਤ ਹਰ ਹਫ਼ਤੇ ਨਵੇਂ ਪ੍ਰੋਗਰਾਮ ਲਿਆਂਦੇ ਜਾਣਗੇ।
ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ, ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ ਇਸਮਤ ਵਿਜੇ ਸਿੰਘ, ਐਸਪੀ ਵਜੀਰ ਸਿੰਘ ਖਹਿਰਾ ਤੇ ਹਰਬੰਤ ਕੌਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਨੋਦ ਡਾਂਗਵਾਲ, ਸਿਵਲ ਸਰਜਨ ਡਾ. ਦਲਬੀਰ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ 'ਚ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਮਿਆਰੀ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਦੀਆਂ ਹਦਾਇਤਾਂ ਦਿੱਤੀਆਂ।
ਸਵੇਰੇ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਸ਼ੁਕਰਾਨਾ ਕਰਦਿਆਂ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਰੁਪਿੰਦਰਜੀਤ ਕੌਰ ਸੈਣੀ, ਬੇਟਾ ਰਾਹੁਲ ਸੈਣੀ, ਬਲਵਿੰਦਰ ਸੈਣੀ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
ਸਿਹਤ ਮੰਤਰੀ ਵਜੋਂ ਡਾ. ਬਲਬੀਰ ਸਿੰਘ ਦੀ ਆਪਣੇ ਗ੍ਰਹਿ ਪਟਿਆਲਾ ਸ਼ਹਿਰ ਵਿਖੇ ਪਲੇਠੀ ਆਮਦ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਨ ਲਈ ਆਪ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਤੇ ਵਲੰਟੀਅਰਾਂ ਤੋਂ ਇਲਾਵਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਈਵੈਂਟ ਇੰਚਾਰਜ ਅੰਗਰੇਜ਼ ਸਿੰਘ ਰਾਮਗੜ੍ਹ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਸੁਰਜੀਤ ਸਿੰਘ ਗਾਂਧੀ ਆਦਿ ਸਮੇਤ ਵੱਡੀ ਗਿਣਤੀ ਸਮਰਥਕ, ਆਪ ਪਾਰਟੀ ਦੇ ਆਗੂ ਤੇ ਸ਼ਹਿਰ ਨਿਵਾਸੀ ਪੁੱਜੇ ਹੋਏ ਸਨ।
ਇਹ ਵੀ ਪੜ੍ਹੋ : ਹਿਮਾਚਲ ਵਜ਼ਾਰਤ ਦਾ ਗਠਨ, 7 ਵਿਧਾਇਕਾਂ ਨੇ ਮੰਤਰੀ ਵਜੋਂ ਲਿਆ ਹਲਫ਼
ਇਸ ਤੋਂ ਪਹਿਲਾਂ ਨਵੇਂ ਬਣੇ ਕੈਬਨਿਟ ਮੰਤਰੀ ਡਾ. ਬਲਬੀਰ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੁੱਜਣਗੇ। ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੇ ਮਾਤਾ ਕਾਲੀ ਦੇਵੀ ਮੰਦਿਰ ਮੱਥਾ ਟੇਕਣਗੇ ਤੇ ਫਿਰ ਸਿਹਤ ਮੰਤਰੀ ਡਾ. ਬਲਬੀਰ ਪਟਿਆਲਾ ਦੇ ਸਰਕਟ ਹਾਊਸ ਪੁੱਜਣਗੇ।
- PTC NEWS