ਐਮਡੀ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਭੜਕੇ ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮ
ਬਠਿੰਡਾ : ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਪੰਜਾਬ ਵਿੱਚ ਕਿਸੇ ਨਾ ਕਿਸੇ ਵਿਭਾਗ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਾਉਣ ਲਈ ਕੰਮ ਬੰਦ ਕਰਕੇ ਸੜਕਾਂ ਉਤੇ ਉੱਤਰ ਰਹੇ ਹਨ। ਤਾਜਾ ਮਾਮਲਾ ਬਠਿੰਡਾ ਵਿੱਚ ਵੇਰਕਾ ਮਿਲਕ ਪਲਾਂਟ ਵਿੱਚ ਕਈ ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਆਪਣਾ ਕੰਮ ਬੰਦ ਕਰਕੇ ਪਲਾਂਟ ਦੇ ਗੇਟ ਅੱਗੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।
ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਮਿਲਕਫੈਡ ਦਾ ਐਮਡੀ ਤਾਨਾਸ਼ਾਹੀ ਨੀਤੀ ਵਰਤ ਕੇ ਕੱਚੇ ਮੁਲਾਜ਼ਮਾਂ ਦੀ ਜਗ੍ਹਾ ਹੋਰ ਮੁਲਾਜ਼ਮ ਭਰਤੀ ਕਰਨ ਦਾ ਫੁਰਮਾਨ ਜਾਰੀ ਕਰ ਰਿਹਾ ਹੈ। ਉਕਤ ਕੱਚੇ ਮੁਲਾਜ਼ਮ ਜੋ 10 ਸਾਲਾਂ ਤੋਂ ਵੇਰਕਾ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ ਦੀ ਨੌਕਰੀ ਖ਼ਤਰੇ ਵਿਚ ਹੈ। ਇਸ ਕਾਰਨ ਭੜਕੇ ਕੱਚੇ ਮੁਲਾਜ਼ਮਾਂ ਨੇ ਐਮਡੀ ਤੇ ਸਰਕਾਰ ਖਿਲਾਫ਼ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਭਰਤੀ ਕੱਢੀ ਜਾ ਰਹੀ ਤੇ ਉਹ ਲਗਾਤਾਰ ਕਈ ਸਾਲਾਂ ਤੋਂ ਵੇਰਕਾ ਮਿਲਕ ਪਲਾਂਟ ਬਠਿੰਡਾ ਵਿੱਚ ਕੰਮ ਕਰ ਰਹੇ ਹਨ ਤੇ ਪਹਿਲਾਂ ਮਿਲਕ ਪਲਾਂਟ ਵਿੱਚ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਤੇ ਫਿਰ ਨਵੀਂ ਭਰਤੀ ਉਤੇ ਵਿਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਵਧਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
- PTC NEWS