ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ (Panchayat Officer Gurmeet Singh) ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮਅੱਤਲ ਕਰਮਚਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ ‘ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਕਰਮਚਾਰੀਆਂ ਦਾ ਹੈੱਡ ਕੁਆਟਰ ਕ੍ਰਮਵਾਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਿਰੋਜ਼ਪੁਰ ਹੋਵੇਗਾ।ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁੱਥਰਾ ਪ੍ਰਸ਼ਾਸ਼ਨ ਦੇਣ ਦੀ ਆਪਣੀ ਵਚਨਬੱਧਤਾ ਦੁਹਰਾੳਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ‘ਚ ਕੁਤਾਹੀ, ਅਨੁਸ਼ਾਸ਼ਨਹੀਣਤਾ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।