ਯੋਗੇਸ਼, 27 ਨਵੰਬਰ: ਅੱਜ ਹੁਸ਼ਿਆਰਪੁਰ ਪਹੁੰਚ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ 'ਚ ਬਣਨ ਜਾ ਰਹੇ ਮੈਡੀਕਲ ਕਾਲਜ ਦੀ ਜ਼ਮੀਨ ਦਾ ਨਿਰੀਖਣ ਕੀਤਾ ਜਾਣਾ ਸੀ ਪਰੰਤੂ ਜਿਵੇਂ ਹੀ ਇਸਦੀ ਭਿਣਕ ਕਿਸਾਨਾਂ ਨੂੰ ਪਈ ਤਾਂ ਉਨ੍ਹਾਂ ਵੱਡੀ ਗਿਣਤੀ 'ਚ ਕਾਫਿਲੇ ਦੇ ਰੂਪ 'ਚ ਸਮਾਗਮ ਵਾਲੀ ਥਾਂ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਭਗਵੰਤ ਮਾਨ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨਾਲ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਤੇ ਕਾਫੀ ਮਸ਼ੱਕਤ ਤੋਂ ਬਾਅਦ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕ ਲਿਆ ਗਿਆ ਤੇ ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ। ਜਿੱਥੇ ਵੱਡੀ ਗਿਣਤੀ 'ਚ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਬਾਅਦ ਵਿੱਚ ਕਿਸਾਨਾਂ ਨੂੰ ਰੋਕ ਲਿਆ ਗਿਆ ਉੱਥੇ ਹੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਕੁੱਝ ਕਹਿੰਦਾ ਸੀ ਪਰੰਤੂ ਹੁਣ ਕੁੱਝ ਹੋੋਰ ਕਰੀ ਜਾਂਦਾ, ਜਿਸ ਕਾਰਨ ਆਮ ਲੋਕ ਵੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਭਗਵੰਤ ਮਾਨ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ ਪਰੰਤੂ ਪੁਲਿਸ ਵੱਲੋਂ ਧੱਕੇ ਨਾਲ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਗਿਆ।