Supreme Court News : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਸੁਪਰੀਮ ਕੋਰਟ ਨੇ ਖਾਰਿਜ ਕੀਤੀ ਸ਼ੰਭੂ ਸਣੇ ਸਾਰੇ ਹਾਈਵੇਅ ਖੁੱਲ੍ਹਵਾਉਣ ਦੀ ਮੰਗ ਵਾਲੀ ਪਟੀਸ਼ਨ
Supreme Court News : ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ 'ਚ ਹੈ ਅਤੇ ਇਸ ਮਾਮਲੇ 'ਤੇ ਅੱਜ ਸੁਣਵਾਈ ਵੀ ਹੋਈ। ਹਾਲਾਂਕਿ ਸੁਪਰੀਮ ਕੋਰਟ ਨੇ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਨਾਲ ਹੀ ਕਿਹਾ ਹੈ ਕਿ ਵਾਰ ਵਾਰ ਇੱਕੋਂ ਜਿਹੀਆਂ ਪਟੀਸ਼ਨਾਂ ਦਾਖਲ ਕਿਉਂ ਹੋ ਰਹੀਆਂ ਹਨ।
ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਹੀ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਉਸ ਦੇ ਧਿਆਨ ਵਿੱਚ ਹੈ ਅਤੇ ਇੱਕ ਕੇਸ ਪਹਿਲਾਂ ਹੀ ਚੱਲ ਰਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਸਲੇ ’ਤੇ ਦਾਖਿਲ ਕੀਤੀ ਗਈ ਨਵੀਂ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਇੱਛਾ ਨਹੀਂ ਹੈ।
ਦੱਸ ਦਈਏ ਕਿ ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸ਼ੰਭੂ ਬਾਰਡਰ ਸਮੇਤ ਹਾਈਵੇਅ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਹਾਈਵੇਅ ਨੂੰ ਜਾਮ ਕਰਨਾ ਲੋਕਾਂ ਦੇ ਮੌਲਿਕ ਅਧਿਕਾਰਾਂ ਦੇ ਖਿਲਾਫ ਹੈ ਅਤੇ ਨੈਸ਼ਨਲ ਹਾਈਵੇਅ ਐਕਟ ਅਤੇ ਬੀਐੱਨਐੱਸ ਤਹਿਤ ਵੀ ਅਪਰਾਧ ਹੈ, ਇਸ ਲਈ ਹਾਈਵੇਅ ਨੂੰ ਜਾਮ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਉਹ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਾਈਵੇ ਤੋਂ ਹਟਾਉਣ ਲਈ ਨਿਰਦੇਸ਼ ਜਾਰੀ ਕਰੇ।
ਕਾਬਿਲੇਗੌਰ ਹੈ ਕਿ ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ ਨੇ ਫਿਲਹਾਲ ਆਪਣਾ ਦਿੱਲੀ ਮਾਰਚ ਮੁਲਤਵੀ ਕਰ ਦਿੱਤਾ ਹੈ। ਅੱਜ ਧਰਨਾਕਾਰੀ ਕਿਸਾਨ ਭਵਿੱਖ ਦੀ ਰਣਨੀਤੀ 'ਤੇ ਮੀਟਿੰਗ ਕਰਕੇ ਆਪਣੀ ਯੋਜਨਾ ਦੱਸਣਗੇ। ਕਿਸਾਨਾਂ ਦਾ ਕਹਿਣਾ ਹੈ ਕਿ 8 ਦਸੰਬਰ ਦੇ ਧਰਨੇ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ, ਜਿਸ ਵਿੱਚ 6-8 ਕਿਸਾਨ ਜ਼ਖ਼ਮੀ ਹੋ ਗਏ ਅਤੇ ਇੱਕ ਜ਼ਖ਼ਮੀ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : MC And Council Elections Nomination : ਅੱਜ ਤੋਂ ਭਰੀਆਂ ਜਾਣਗੀਆਂ ਪੰਜਾਬ ’ਚ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ
- PTC NEWS