ਅੱਜ ਦੇਸ਼ ਭਰ 'ਚ ਫਤਿਹ ਮਾਰਚ ਕੱਢਣਗੇ ਕਿਸਾਨ, ਮੋਹਾਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਕਿਸਾਨ
ਚੰਡੀਗੜ੍ਹ : ਦਿੱਲੀ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਉਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨ ਵੱਖ-ਵੱਖ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ। ਪੂਰੇ ਦੇਸ਼ ਵਿਚ ਕਿਸਾਨ ਫਤਿਹ ਮਾਰਚ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਅੱਜ ਰਾਜ ਭਵਨਾਂ ਵੱਲ ਕੂਚ ਕਰਦਿਆਂ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਆਪੋ-ਆਪਣੇ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ।
ਪੰਜਾਬ ਦੇ ਕਿਸਾਨ ਅੱਜ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਣਗੇ। ਇਸ ਤੋਂ ਬਾਅਦ ਯੋਜਨਾ ਤਹਿਤ 2 ਵਜੇ ਰਾਜਭਵਨ ਵੱਲ ਨੂੰ ਕੂਚ ਕਰਨਗੇ। ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਰੋਕਿਆ ਤਾਂ ਉਹ ਉਥੇ ਬੈਠ ਕੇ ਰੋਸ ਧਰਨਾ ਦੇਣਗੇ। ਇੱਥੇ ਕਿਸਾਨਾਂ ਦੀਆਂ ਮੰਗਾਂ ਤੇ ਸੂਬੇ ਦੇ ਹੋਰ ਭਖਦੇ ਮਸਲਿਆਂ ’ਤੇ ਵਿਚਾਰ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਇੱਕ ਵਜੇ ਪੰਜਾਬ ਰਾਜ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ।
ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਦੇ ਕਿਸਾਨ ਪਿੰਡਾਂ ਤੋਂ ਆਪੋ-ਆਪਣੇ ਵਾਹਨਾਂ ਉਤੇ ਚੰਡੀਗੜ੍ਹ ਲਈ ਪਹੁੰਚੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ 'ਤੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਦੀਆਂ ਲਖੀਮਪੁਰ ਖੇੜੀ ਦਾ ਇਨਸਾਫ਼, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨਾਂ ਦੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਹਨ।
ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਸੁੱਟਿਆ ਡਰੋਨ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ 'ਚ ਕਿਸਾਨਾਂ ਨਾਲ ਵਾਅਦੇ ਕੀਤੇ ਹਨ ,ਜੋ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੋਈ ਇਨਸਾਫ਼ ਮਿਲਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
- PTC NEWS