Amritpal Singh News : ਅੰਮ੍ਰਿਤਪਾਲ ਸਿੰਘ ’ਤੇ ਲਗਾਈ NSA ਤੁਰੰਤ ਹਟਾਵੇ ਸਰਕਾਰ : ਐਡਵੋਕੇਟ ਧਾਮੀ
Amritpal Singh News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।
- PTC NEWS