'ਤੁਸੀ ਲੋਕਤੰਤਰ ਦਾ ਮਜ਼ਾਕ ਬਣਾ ਰੱਖਿਆ....', ਪੰਜਾਬ ਸਰਕਾਰ ਤੇ ਪੰਜਾਬ ਚੋਣ ਅਧਿਕਾਰੀ ਨੂੰ ਹਾਈਕੋਰਟ ਦੀ ਤਿੱਖੀ ਝਾੜ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਝਾੜ ਪਾਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ, ਤੁਸੀ ਲੋਕਤੰਤਰ ਦਾ ਮਜ਼ਾਕ ਬਣਾ ਰੱਖਿਆ ਹੈ।
ਰਾਜ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ
ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਤੇ ਚੋਣ ਕਮਿਸ਼ਨਰ ਨੇ ਕਿਹਾ ਕਿ ਸ਼ੁੱਕਰਵਾਰ ਤੱਕ ਦੱਸ ਦਿਓ ਕਿ ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ, ਨਹੀਂ ਤਾਂ ਇਸ ਦਾ ਜਵਾਬ ਦੇਣ ਲਈ ਸੂਬਾ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਪੇਸ਼ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਨਹੀਂ ਕਰਵਾਈਆਂ। ਹੁਣ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਅੱਜ ਵੀ ਜਦੋਂ ਰਾਜ ਚੋਣ ਕਮਿਸ਼ਨ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਤਾਂ ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਉਂਦਿਆਂ ਕਿਹਾ, ਤੁਸੀਂ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਇਨ੍ਹਾਂ ਤਿੰਨਾਂ ਵਿੱਚੋਂ ਦੋ ਲਈ 2020 ਤੋਂ ਭਾਵ ਚਾਰ ਸਾਲਾਂ ਤੋਂ ਚੋਣਾਂ ਨਹੀਂ ਹੋਈਆਂ ਹਨ ਅਤੇ ਹੁਣ ਵੀ ਸਮਾਂ ਮੰਗਿਆ ਜਾ ਰਿਹਾ ਹੈ। ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ।
ਇਸ ਲਈ ਹਾਈ ਕੋਰਟ ਨੇ ਹੁਣ ਰਾਜ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਦਿੰਦਿਆਂ ਕਿਹਾ ਹੈ ਕਿ ਜਾਂ ਤਾਂ ਉਹ ਸ਼ੁੱਕਰਵਾਰ ਤੱਕ ਦੱਸਣ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ ਜਾਂ ਫਿਰ ਉਨ੍ਹਾਂ ਨੂੰ ਖੁਦ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ।
- PTC NEWS