Dallewal Break Hunger Strike : ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ, ਮੋਰਚੇ ਨੂੰ ਲੈ ਕੇ ਵੱਡਾ ਐਲਾਨ
Dallewal Break Hunger Strike : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ (Hunger Strike) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਨੇ ਅੱਜ ਭੁੱਖ ਹੜਤਾਲ ਦੇ 131ਵੇਂ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਡੱਲੇਵਾਲ (Dallewal News) ਨੇ ਇਹ ਫੈਸਲਾ ਐਸਕੇਐਮ ਦੀਆਂ ਕਿਸਾਨ ਜਥੇਬੰਦੀਆਂ ਦੀ ਮਹਾਂਪੰਚਾਇਤ ਦੇ ਫੈਸਲੇ ਉਪਰੰਤ ਲਿਆ।
ਜਾਣਕਾਰੀ ਅਨੁਸਾਰ ਮਰਨ ਵਰਤ ਖਤਮ ਕਰਨ ਦੇ ਮੁੱਖ ਏਜੰਡੇ ਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ (ਗੈਰ-ਸਿਆਸੀ) ਦੇ ਆਗੂਆਂ ਵੱਲੋਂ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦੀ ਦਾਣਾ ਮੰਡੀ ਵਿੱਚ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਜੁਟਤਾ ਨਾਲ ਇਹ ਫੈਸਲਾ ਲਿਆ ਹੈ।
ਭੁੱਖ ਹੜਤਾਲ ਕਰਨ ਕਰਨ ਦੇ ਐਲਾਨ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ, ਪਰ ਕਿਸਾਨਾਂ ਦੀ ਐਮਐਸਪੀ ਸਮੇਤ ਬਾਕੀ ਮੰਗਾਂ 'ਤੇ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਖਾਤਰ ਮੋਰਚਾ ਦੁਬਾਰਾ ਵੀ ਲਾਉਣਾ ਪਿਆ ਤਾਂ ਲਾਵਾਂਗੇ ਅਤੇ ਅਗਲੀ ਵਾਰ ਇਸ ਤੋਂ ਵੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਦੱਸ ਦਈਏ ਕਿ ਇਹ ਮਹਾਂਪੰਚਾਇਤ ਪਿੰਡ ਡੱਲੇਵਾਲ ਤੋਂ ਸ਼ੁਰੂ ਹੋਈ ਸੀ। ਮਹਾਂਪੰਚਾਇਤ ਵਿੱਚ ਜਗਜੀਤ ਸਿੰਘ ਡੱਲੇਵਾਲ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਤਮਾਮ ਵੱਡੇ ਲੀਡਰ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਕਿਸਾਨ ਅੰਦੋਲਨ ਮੁੜ ਸ਼ੁਰੂ ਕਰਨ ਦਾ ਸੰਕੇਤ!
ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੜ ਕਿਸਾਨਾਂ ਦੇ ਵੱਡੇ-ਵੱਡੇ ਇਕੱਠ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਚਲਦੇ ਮੋਰਚਿਆਂ ਦੀਆਂ ਮੰਗਾਂ ਦੇ ਸਬੰਧ ਵਿੱਚ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵੀ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।
ਦੱਸ ਦਈਏ ਕਿ 12 ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ 2024 ਤੋਂ ਲਗਾਤਾਰ ਭੁੱਖ ਹੜਤਾਲ ਜਾਰੀ ਸੀ।
ਡੱਲੇਵਾਲ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਸੀ ਅਪੀਲ
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਗੱਲਬਾਤ ਦਾ ਦੌਰ ਜਾਰੀ ਰੱਖਣ ਦੀ ਗੱਲ ਕਹੀ ਸੀ।
ਉਨ੍ਹਾਂ ਕਿਹਾ ਸੀ ਕਿ ਭਾਰਤ ਸਰਕਾਰ ਦੇ ਪ੍ਰਤੀਨਿਧੀਆਂ ਅਤੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਵਿਚਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਚੱਲ ਰਹੀ ਗੱਲਬਾਤ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਗਏ ਹਨ ਅਤੇ ਅਸੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਨਾਲ ਹੀ ਅਸੀਂ ਉਨ੍ਹਾਂ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਅਨੁਸਾਰ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਮਿਲਾਂਗੇ।
ਖਬਰ ਅਪਡੇਟ ਜਾਰੀ...
- PTC NEWS