List of Cancel Immigration : ਇਮੀਗ੍ਰੇਸ਼ਨ ਸਹਾਇਤਾ ਲਈ ਜਾ ਰਹੇ ਹੋ ਜਲੰਧਰ ਤਾਂ ਹੋ ਜਾਓ ਸਾਵਧਾਨ ! 50 ਫਰਮਾਂ ਦੇ ਲਾਇਸੈਂਸ ਰੱਦ
ਜਲੰਧਰ : ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ 'ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਨਹੀਂ ਨਵਿਆਏ (ਰੀਨਿਊ) ਗਏ। ਫਰਮਾਂ ਵੱਲੋਂ ਨੋਟਿਸਾਂ ਦਾ ਜਵਾਬ ਨਾ ਦੇਣ ’ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।
ਡਾ. ਅਗਰਵਾਲ ਨੇ ਲੋਕਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਇਮੀਗ੍ਰੇਸ਼ਨ ਫਰਮਾਂ ਤੋਂ ਬਚਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਲੋਕਾਂ ਨੂੰ ਸਿਰਫ਼ ਉਨ੍ਹਾਂ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਉਚਿਤ ਲਾਇਸੈਂਸ ਪ੍ਰਾਪਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਫਰਮਾਂ ਵੱਲੋਂ ਬੇਨਿਯਮੀਆਂ ਕਾਰਨ ਕੁਝ ਹੋਰ ਲਾਇਸੈਂਸਾਂ ਨੂੰ ਸਮੀਖਿਆ ਅਧੀਨ ਰੱਖਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ।
ਡਾ. ਅਗਰਵਾਲ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਹਮੇਸ਼ਾ ਕਾਨੂੰਨੀ ਇਮੀਗ੍ਰੇਸ਼ਨ ਮਾਰਗ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਸਲਾਹ ਦਿੱਤੀ ਕਿ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਕੰਸਲਟੈਂਟਸ ਨਾਲ ਹੀ ਸੰਪਰਕ ਕੀਤਾ ਜਾਵੇ, ਜਿਨ੍ਹਾਂ ਦੀ ਸੂਚੀ www.jalandhar.nic.in ਅਤੇ www.emigrate.gov.in ਵੈੱਬਸਾਈਟਾਂ 'ਤੇ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਲੋਕ ਪ੍ਰੋਟੈਕਟਰ ਜਨਰਲ ਆਫ਼ ਇਮੀਗ੍ਰੈਂਟਸ ਹੈਲਪਲਾਈਨ 95306-41790 'ਤੇ ਸੰਪਰਕ ਕਰ ਸਕਦੇ ਹਨ ਜਾਂ poechd@mea.gov.in 'ਤੇ ਈਮੇਲ ਕਰ ਸਕਦੇ ਹਨ। ਉਕਤ ਵੈੱਬਸਾਈਟ ‘ਇਮੀਗ੍ਰੇਸ਼ਨ ਐਕਟ ਆਫ਼ 1983’ ਤਹਿਤ ਇਮੀਗ੍ਰੇਸ਼ਨ ਨਿਯਮਾਂ ਬਾਰੇ ਵੇਰਵੇ ਪ੍ਰਦਾਨ ਦੇ ਨਾਲ-ਨਾਲ ਇਮੀਗ੍ਰੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ।
ਕਿਹੜੀਆਂ 50 ਇਮੀਗ੍ਰੇਸ਼ਨ ਕੰਪਨੀਆਂ ਦੇ ਲਾਇਸੈਂਸ ਕੀਤੇ ਗਏ ਰੱਦ...ਵੇਖੋ ਸੂਚੀ
- PTC NEWS