Khalsa Sajna Diwas (Vaisakhi ) 2025 : 326ਵੇਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਅੱਜ ਵੱਡੀ ਗਿਣਤੀ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨਤਮਸਤਕ
Khalsa Sajna Diwas (Vaisakhi ) 2025 : 326ਵੇਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਸ਼ਰਧਾਲੂਆਂ ਵੱਲੋਂ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ ਜਾ ਰਿਹਾ ਹੈ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ।
ਇਸੇ ਦੌਰਾਨ ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ। ਬੀਤੇ ਕੱਲ੍ਹ ਤੋਂ ਸਜੇ ਧਾਰਮਿਕ ਦੀਵਾਨ ਵਿਚ ਸਿੱਖ ਧਰਮ ਦੇ ਪ੍ਰਚਾਰਕ, ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਖਾਲਸਾ ਪੰਥ ਦੇ ਸਾਜਣਾ ਦਿਹਾੜੇ ਦਾ ਸ਼ਾਨਾਮਤਾ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ 'ਚ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨਗੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਜਾਣਗੇ। ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ।
- PTC NEWS