Kisan Andolan : ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਵੱਲੋਂ 6 ਦਸੰਬਰ ਨੂੰ 'ਦਿੱਲੀ ਕੂਚ' ਦਾ ਐਲਾਨ, ਜਾਣੋ ਕੀ ਹੈ ਕਿਸਾਨਾਂ ਦੀ ਪੂਰੀ ਯੋਜਨਾ
Delhi kooch 6 December : ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਚਾਲੇ ਪਾਉਣਗੇ। ਉਨ੍ਹਾਂ ਕਿਹਾ ਕਿ 18 ਫਰਵਰੀ ਤੋਂ ਬਾਅਦ ਮੰਗਾਂ ਮੰਨਣ ਨੂੰ ਲੈ ਕੇ ਕਿਸਾਨਾਂ ਨਾਲ ਸਰਕਾਰ ਵੱਲੋਂ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਹੁਣ ਇਹ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੀ ਰਣਨੀਤੀ ਨੂੰ ਲੈ ਕੇ ਕੀਤੀ ਗਈ ਮੀਟਿੰਗ ਵਿੱਚ ਕਿਸਾਨ ਆਗੂਆਂ ਵੱਲੋਂ ਮੰਗਾਂ ਨੂੰ ਲੈ ਕੇ ਵੀ ਅਹਿਮ ਚਰਚਾ ਕੀਤੀ। ਆਗੂਆਂ ਨੇ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ 6 ਦਸੰਬਰ ਨੂੰ ਦਿੱਲੀ ਕੂਚ ਦਾ ਫੈਸਲਾ ਲਿਆ ਹੈ। ਆਗੂਆਂ ਨੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 6 ਦਸੰਬਰ ਨੂੰ ਦਿੱਲੀ ਵੱਲ ਚਾਲੇ ਪਾਏ ਜਾਣਗੇ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ 'ਤੇ ਬੈਠਣਗੇ, ਕਿਉਂਕਿ 9 ਮਹੀਨੇ ਤੋਂ ਕਿਸਾਨ ਸ਼ਾਂਤਮਈ ਧਰਨਾ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ 18 ਫਰਵਰੀ ਤੋਂ ਬਾਅਦ ਨਾ ਹੀ ਕੋਈ ਗੱਲਬਾਤ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੌਰਾਨ, ਜੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਡੱਲੇਵਾਲ ਦੀ ਮ੍ਰਿਤਕ ਦੇਹ ਧਰਨੇ ਵਾਲੀ ਥਾਂ 'ਤੇ ਰੱਖ ਕੇ ਹੀ ਸੰਘਰਸ਼ ਜਾਰੀ ਰਖਿਆ ਜਾਵੇਗਾ। ਉਪਰੰਤ, ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਤੋਂ ਬਾਅਦ ਵੀ ਜੇ ਸਰਕਾਰ ਨਹੀਂ ਸੁਣਦੀ ਤਾਂ ਦਿੱਲੀ ਕੂਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦਿੱਲੀ ਕੂਚ ਵੱਡੇ ਲੀਡਰਾਂ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ 'ਚ ਹੋਵੇਗਾ।
ਇਸ ਮੌਕੇ ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਸੁਰਜੀਤ ਸਿੰਘ ਫੂਲ ਤੇ ਹੋਰ ਹਾਜ਼ਰ ਸਨ।
- PTC NEWS