ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਕਿਆਸਰਾਈਆਂ ਦਾ ਦੌਰ ਵੀ ਸਰਗਰਮ ਹੋ ਗਿਆ ਹੈ। ਉਨ੍ਹਾਂ ਆਪਣਾ ਅਸਤੀਫਾ ਈ-ਮੇਲ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਅਜੇ ਮਨਜ਼ੂਰ ਨਹੀਂ ਕੀਤਾ ਗਿਆ ਹੈ। ਇਸ ਬਾਰੇ ਅੰਤਿਮ ਫ਼ੈਸਲਾ ਸਪੀਕਰ ਨੇ ਲੈਣਾ ਹੈ।
ਵਿਧਾਨ ਸਭਾ ਕਮੇਟੀਆਂ 'ਚ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵੱਲੋਂ ਵਿਧਾਨ ਸਭਾ ਸਦਨ 'ਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਤ ਹੈ। ਕਮੇਟੀ ਵੱਲੋਂ ਸਬੰਧਤ ਵਿਭਾਗਾਂ ਨੂੰ ਸਦਨ 'ਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਤੇ ਸਬੰਧਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਜਵਾਬ ਭੇਜਣਾ ਹੁੰਦਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਮੀ ਚਰਚਾ ਕੀਤੀ ਸੀ।
ਇਹ ਵੀ ਪੜ੍ਹੋ : Lakhimpur violence: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪਰ ਰੱਖੀਆਂ ਇਹ ਸ਼ਰਤਾਂ
ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ। ਇਸ ਮਗਰੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
- PTC NEWS