ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਹਸਪਤਾਲ 'ਚ ਆਖਰੀ ਸਾਹ ਲਏ। ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸਸਕਾਰ ਬੁੱਧਵਾਰ ਯਾਨੀ ਅੱਜ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹਾਂਤ 'ਤੇ ਸ੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ।ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਬ੍ਰਹਮਪੁਰਾ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਰਹੇ। ਸਾਲ 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ ਸਨ।