ਲੋਕ ਸਭਾ ਚੋਣਾਂ ਤੋਂ ਪਹਿਲਾਂ BJP 'ਚ ਸ਼ਾਮਲ ਹੋਏ ਨਵੀਨ ਜਿੰਦਲ, ਕੁਰੂਕਸ਼ੇਤਰ ਤੋਂ ਮਿਲੀ ਟਿਕਟ
Naveen Jindal Join BJP: ਹਰਿਆਣਾ ਵਿੱਚ ਲੋਕ ਸਭਾ ਚੋਣਾਂ (Lok Sabha 2024) ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਦਯੋਗਪਤੀ ਨਵੀਨ ਜਿੰਦਲ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਆਪਣੀ 5ਵੀਂ ਸੂਚੀ ਤਹਿਤ ਉਨ੍ਹਾਂ ਨੂੰ ਕੁਰੂਕਸ਼ੇਤਰ ਤੋਂ 2024 ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ।
ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਨਵੀਨ ਜਿੰਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਿਖਿਆ ਸੀ, "ਮੈਂ ਕਾਂਗਰਸ ਲੀਡਰਸ਼ਿਪ ਅਤੇ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਧੰਨਵਾਦ ਕਰਦਾ ਹਾਂ। ਅੱਜ ਮੈਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।"
ਇਸਤੋਂ ਪਹਿਲਾਂ ਅੱਜ ਐਤਵਾਰ ਨੂੰ ਉਹ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫਤਰ ਗਏ ਅਤੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਉਨ੍ਹਾਂ ਨੂੰ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ 'ਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੰਦਲ ਦੀ ਪਾਰਟੀ ਵਿੱਚ ਮੌਜੂਦਗੀ ਦੇਸ਼ ਦੀ ਆਰਥਿਕਤਾ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਦੇ ਸਰਕਾਰ ਦੇ ਏਜੰਡੇ ਵਿੱਚ ਮਦਦ ਕਰੇਗੀ।
ਦੱਸ ਦਈਏ ਕਿ ਦੇਸ਼ ਦੇ ਉੱਘੇ ਉਦਯੋਗਪਤੀ ਨਵੀਨ ਜਿੰਦਲ ਕਾਂਗਰਸ ਦੀ ਟਿਕਟ 'ਤੇ ਲਗਾਤਾਰ ਦੋ ਵਾਰ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਰਹੇ ਹਨ। ਨਵੀਨ ਜਿੰਦਲ ਪੇਸ਼ੇਵਰ ਖਿਡਾਰੀ ਵੀ ਰਹੇ ਹਨ। ਉਨ੍ਹਾਂ ਨੂੰ ਸਾਰੇ ਦੇਸ਼ਵਾਸੀਆਂ ਨੂੰ ਰਾਸ਼ਟਰੀ ਝੰਡਾ ਅਤੇ ਤਿਰੰਗਾ ਲਹਿਰਾਉਣ ਦਾ ਅਧਿਕਾਰ ਦੇਣ ਲਈ ਯਾਦ ਕੀਤਾ ਜਾਂਦਾ ਹੈ।
-