ਆਟੇ ਦੇ ਭਾਅ 'ਚ ਵਾਧੇ ਨਾਲ ਲੋਕਾਂ ਦੀ ਜ਼ਿੰਦਗੀ 'ਚ ਵਧਿਆ 'ਵਿੱਤੀ ਤਣਾਅ', 'ਆਪ' ਸਰਕਾਰ ਚੁੱਕੇ ਕਦਮ : ਪ੍ਰਤਾਪ ਬਾਜਵਾ
Partap Singh Bajwa on wheat crisis : ਆਟੇ ਦੇ ਭਾਅ ਹੋਏ ਭਾਰੀ ਵਾਧੇ ਤੋਂ ਬਾਅਦ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਦੀ ਮਹਿੰਗਾਈ ਨੂੰ ਘੱਟ ਕਰਨ ਦੇ ਕਦਮ ਚੁੱਕਣ ਲਈ ਜ਼ੋਰ ਦੇ ਕੇ ਕਿਹਾ।
ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੂਬੇ ਵਿੱਚ ਜਨਤਕ ਵੰਡ ਪ੍ਰਣਾਲੀ ਰਾਹੀਂ ਲਗਭਗ 1.54 ਕਰੋੜ ਲਾਭਪਾਤਰੀਆਂ ਨੂੰ ਕਣਕ ਦਿੱਤੀ ਜਾਂਦੀ ਹੈ, ਫਿਰ ਵੀ ਪੂਰੀ ਆਬਾਦੀ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਂਦੀ। ਇਸ ਦੌਰਾਨ, ਖ਼ਾਸ ਤੌਰ 'ਤੇ ਮੱਧ ਵਰਗ ਕਣਕ ਅਤੇ ਕਣਕ ਦੇ ਆਟੇ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦਾ ਖ਼ਮਿਆਜ਼ਾ ਝੱਲ ਰਿਹਾ ਹੈ। ਬਾਜਵਾ ਨੇ ਕਿਹਾ ਕਿ ਅਜਿਹੀ ਨਾਜ਼ੁਕ ਸਥਿਤੀ 'ਚ ਉਨ੍ਹਾਂ ਲਈ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੋਕ ਇਸ ਸਮੇਂ 3600 ਤੋਂ 3700 ਰੁਪਏ ਪ੍ਰਤੀ ਕੁਇੰਟਲ ਕਣਕ ਦਾ ਆਟਾ ਖ਼ਰੀਦਣ ਲਈ ਮਜਬੂਰ ਹਨ ਪਰ ਆਉਣ ਵਾਲੇ ਦਿਨਾਂ ਵਿੱਚ ਇਸ ਦੇ 3800 ਰੁਪਏ ਪ੍ਰਤੀ ਕੁਇੰਟਲ ਤੱਕ ਜਾਣ ਦੀ ਉਮੀਦ ਹੈ। ਪਿਛਲੇ ਸਾਲ ਮਈ 'ਚ ਕਣਕ ਦਾ ਆਟਾ 2650 ਰੁਪਏ 'ਚ ਮਿਲਦਾ ਸੀ। ਕਣਕ ਦੀਆਂ ਕੀਮਤਾਂ ਵਿਚ ਅਚਾਨਕ ਵਾਧੇ ਨਾਲ ਕਣਕ ਤੋਂ ਬਣੀਆਂ ਚੀਜ਼ਾਂ ਜਿਵੇਂ ਕਿ ਬੈੱਡ, ਬਿਸਕੁਟ ਅਤੇ ਹੋਰ ਬੇਕਰੀ ਉਤਪਾਦ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋਰ ਗਏ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਸਮੇਤ ਸਰਕਾਰੀ ਮਸ਼ੀਨਰੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਸ ਗੱਲ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਕੀ ਜਮਾਂਖੋਰ ਸਥਿਤੀ ਨੂੰ ਵਿਗਾੜ ਤਾਂ ਨਹੀਂ ਰਹੇ। ਸਰਕਾਰ ਨੂੰ ਲੋਕਾਂ ਦੇ ਜੀਵਨ ਵਿੱਚ ਆਏ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਸਰਕਾਰ ਨੂੰ ਲੋਕਾਂ ਦੇ ਜੀਵਨ ਵਿੱਚ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ।
ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਸਿਰਫ਼ ਕਣਕ ਦੇ ਆਟੇ ਨੇ ਹੀ ਮੱਧ ਵਰਗ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਤਣਾਅਪੂਰਨ ਨਹੀਂ ਬਣਾਇਆ ਹੈ, ਬਲਕਿ ਸਬਜ਼ੀਆਂ ਅਤੇ ਦਾਲਾਂ ਸਮੇਤ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਵਧਦੀ ਮਹਿੰਗਾਈ ਨੇ ਵੀ ਜੀਵਨ ਨੂੰ ਅਸਥਿਰ ਕਰ ਦਿੱਤਾ ਹੈ।
- PTC NEWS