Ludhiana News : ਠੇਕੇਦਾਰ ਤੋਂ 10 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ
Ludhiana Corporation News : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੋਮਵਾਰ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ (Commission) ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਵਿਕਾਸ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਕਤ ਐਸਈ ਨੇ ਟੈਂਡਰ ਅਲਾਟ ਕਰਨ ਲਈ ਉਸ ਤੋਂ 10 ਪ੍ਰਤੀਸ਼ਤ ਕਮਿਸ਼ਨ ਦੇ ਰੂਪ ਵਿੱਚ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਮੰਗਣ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕੀਤੀ ਗਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਐਸਈ ਸੰਜੇ ਕੰਵਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ (Corruption) ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
- PTC NEWS