ਲੁਧਿਆਣਾ : ਹਾਈ ਕੋਰਟ ਦੇ ਹੁਕਮਾਂ ਮਗਰੋਂ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਕਾਬਿਲੇਗੌਰ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਪਿਛਲੀ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸੇਖੋਂ ਨੇ ਹਾਈ ਕੋਰਟ ਦੇ ਬਾਹਰ ਮੁੜ ਤੋਂ ਜੱਜਾਂ ਖਿਲਾਫ਼ ਇਤਰਾਜ਼ ਟਿੱਪਣੀਆਂ ਕੀਤੀਆਂ ਸਨ। ਇਸ ਜਾਣਕਾਰੀ ਤੋਂ ਬਾਅਦ ਨੋਟਿਸ ਲੈਂਦੇ ਹੋਏ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਣ ਮਗਰੋਂ ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਨੂੰ ਨੋਟਿਸ ਜਾਰੀ ਕੀਤਾ ਸੀ। ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ 'ਚ ਸੇਖੋਂ ਹਾਈ ਕੋਰਟ ਲਈ ਇਤਰਾਜ਼ ਸ਼ਬਦ ਵਰਤ ਰਹੇ ਸਨ। ਹਾਈ ਕੋਰਟ ਨੇ ਕਿਹਾ ਕਿ ਕਿ ਇਸ ਤਰ੍ਹਾਂ ਦੇ ਸ਼ਬਦ ਵਰਤਣਾ ਮੰਦਭਾਗਾ ਹੈ। ਉਨ੍ਹਾਂ ਨੇ ਸੇਖੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਫੋਨ 'ਤੇ ਵਿਵਾਦ 'ਚ ਘਿਰੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਸਰਕਾਰ ਨੇ ਬਰਖ਼ਾਸਤ ਕਰ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਬਰਖਾਸਤਗੀ ਕੀਤੀ ਗਈ ਹੈ। ਇਲਜ਼ਾਮ ਹਨ ਕਿ ਸੇਖੋਂ ਨੇ ਡਿਊਟੀ ਦੌਰਾਨ ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਤੇ ਸੋਸ਼ਲ ਮੀਡੀਆ 'ਤੇ ਸਰਕਾਰ ਵਿਰੁੱਧ ਲਿਖਦੇ ਰਹੇ।ਇਨ੍ਹਾਂ ਦੋਸ਼ਾਂ ਕਾਰਨ ਸੇਖੋਂ ਨੂੰ ਲੰਬੇ ਸਮੇਂ ਲਈ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਹੁਣ ਜਾਂਚ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਕਿਉਂਕਿ ਜਾਂਚ ਦੌਰਾਨ ਉਹ ਪੰਜਾਬ ਹਰਿਆਣਾ ਹਾਈ ਕੋਰਟ ਵੀ ਗਏ ਸਨ ਤੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਅਜੇ ਵੀ ਚੱਲ ਰਹੀ ਹੈ ਪਰ ਇਸ ਦੌਰਾਨ ਸਰਕਾਰ ਨੇ ਉਸ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ। ਸੇਖੋਂ ਨੂੰ 31 ਅਗਸਤ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਸੀ। ਦਿਲਚਸਪ ਗੱਲ ਇਹ ਹੈ ਕਿ ਡੀਐਸਪੀ ਸੇਖੋਂ ਉਸੇ ਦਿਨ ਸੇਵਾਮੁਕਤ ਹੋਏ ਸਨ।