Partap Singh Bajwa : ਮੋਹਾਲੀ ਅਦਾਲਤ ਨੇ ਪ੍ਰਤਾਪ ਸਿੰਘ ਬਾਜਵਾ ਦੇ ਹੱਕ 'ਚ ਸੁਣਾਇਆ ਫ਼ੈਸਲਾ , ਸੌਂਪੀ FIR ਦੀ ਕਾਪੀ
Partap Singh Bajwa : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਿਲਾਂ ਵਿੱਚ ਫਸ ਗਏ ਹਨ। ਉਨ੍ਹਾਂ ਖਿਲਾਫ਼ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ 'ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਅਜੇ ਤੱਕ ਐਫਆਈਆਰ ਦੀ ਕਾਪੀ ਨਹੀਂ ਮਿਲੀ ਹੈ। ਪੁਲਿਸ ਨੇ ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ।
ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਨਾਲ ਹੀ ਐਫਆਈਆਰ ਦੀ ਕਾਪੀ ਦੇਣ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਪ੍ਰਤਾਪ ਸਿੰਘ ਬਾਜਵਾ ਦੇ ਹੱਕ 'ਚ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੁਲਿਸ ਨੂੰ ਜ਼ੁਬਾਨੀ ਨਿਰਦੇਸ਼ ਦਿੱਤੇ ਕਿ ਉਹ ਐਫਆਈਆਰ ਦੀ ਕਾਪੀ ਔਨਲਾਈਨ ਉਪਲਬਧ ਕਰਵਾਉਣ। ਜਿਸ ਮਗਰੋਂ ਪੁਲਿਸ ਨੇ ਐਫਆਈਆਰ ਸੌਂਪੀ।
ਦਰਅਸਲ 'ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ 'ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, "ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ।
ਓਥੇ ਹੀ ਬੀਤੇ ਦਿਨੀਂ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਅਤੇ ਐਸਪੀ ਸਿਟੀ ਮੋਹਾਲੀ ਹਰਬੀਰ ਸਿੰਘ ਅਟਵਾਲ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਲਈ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ- 8 ਸਥਿਤ ਘਰ ਪਹੁੰਚੇ ਸੀ। ਬਾਜਵਾ ਤੋਂ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਦਾ ਸੋਰਸ ਪੁੱਛਿਆ ਗਿਆ ਸੀ। ਪੁਲਿਸ ਸੂਤਰਾਂ ਮੁਤਾਬਿਕ ਤਕਰੀਬਨ ਅੱਧੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਵੀ ਬਾਜਵਾ ਵਲੋਂ ਕੁੱਝ ਵੀ ਨਹੀਂ ਸਪਸ਼ਟ ਦੱਸਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਵਜੋਤ ਗਰੇਵਾਲ ਨੇ ਕਿਹਾ ਸੀ ਕਿ ਬਾਜਵਾ ਸਹਿਯੋਗ ਨਹੀਂ ਕਰ ਰਹੇ। ਇਸ ਤੋਂ ਬਾਅਦ ਸ਼ਾਮ 8 ਵਜੇ ਬਾਜਵੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
ਮੁੱਖ ਮੰਤਰੀ ਨੇ ਕਿਹਾ- ਸੋਰਸ ਦੱਸੋ, ਨਹੀਂ ਤਾਂ ਕਾਰਵਾਈ ਹੋਵੇਗੀ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਕੋਲ ਆਈ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਸ ਦੀ ਸੂਚਨਾ ਉਹ ਤੁਰੰਤ ਪੰਜਾਬ ਪੁਲੀਸ ਨੂੰ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਬੰਬ ਫਟਣ ਅਤੇ ਲੋਕ ਮਰਨ ਤਾਂ ਜੋ ਉਹ ਰਾਜਨੀਤੀ ਕਰ ਸਕਣ। ਜੇ ਅਜਿਹਾ ਨਹੀਂ ਹੈ ਤਾਂ ਉਹ ਝੂਠ ਬੋਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
- PTC NEWS